ਮੋਗਾ 26 ਅਕਤੂਬਰ
ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਆਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਟੀਮਾਂ ਦਿਨ ਰਾਤ ਫੀਲਡ ਵਿੱਚ ਕੰਮ ਕਰ ਰਹੀਆਂ ਹਨ। ਮੋਗਾ ਵਿੱਚ ਬਹੁ ਗਿਣਤੀ ਵਿੱਚ ਕਿਸਾਨ ਹਨ ਜਿਹਨਾਂ ਨੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਖੇਤੀਬਾੜੀ ਵਿਭਾਗ ਦੀ ਦੇਖ ਰੇਖ ਅਤੇ ਸਹਾਇਤਾ ਨਾਲ ਕਰਨਾ ਉਚਿਤ ਸਮਝਿਆ।
ਇਹਨਾਂ ਕਿਸਾਨਾਂ ਦੀ ਲਿਸਟ ਵਿੱਚ ਇੱਕ ਨਾਮ ਮਨਾਵਾਂ ਪਿੰਡ ਦੇ ਜਸਵਿੰਦਰ ਦਾ ਵੀ ਆਉਂਦਾ ਹੈ ਉਸਨੇ ਆਪਣੀ 15 ਏਕੜ ਦੀ ਝੋਨੇ ਦੀ ਫ਼ਸਲ ਤੋਂ ਬਾਅਦ ਪਰਾਲੀ ਦੀਆਂ ਗਠਾਂ ਬਣਵਾਈਆਂ। ਕਿਸਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਨੂੰ ਪਰਾਲੀ ਦੇ ਪ੍ਰਬੰਧਨ ਵਿੱਚ ਕੋਈ ਵੀ ਦਿੱਕਤ ਨਹੀਂ ਆਈ ਕਿਉਕਿ ਖੇਤੀਬਾੜੀ ਸੰਦ ਵਿਭਾਗ ਨੇ ਮੁੱਹਈਆ ਕਰਵਾ ਦਿੱਤੇ ਸਨ।
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਸਾਨ ਜਸਵਿੰਦਰ ਸਿੰਘ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਸਮੂਹ ਕਿਸਾਨਾਂ ਨੂੰ ਹੁਣ ਪਰਾਲੀ ਨੂੰ ਅੱਗ ਲਾਉਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।
ਓਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ਼ ਪ੍ਰਦੂਸ਼ਣ) ਐਕਟ 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ। ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਤੋਂ ਰੋਕਣ ਅਤੇ ਨਾੜ ਨੂੰ ਅੱਗ ਲਗਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫਸਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਇਹ ਅਫ਼ਸਰ ਕਣਕ ਦੇ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਬਾਜ ਅੱਖ ਰੱਖ ਰਹੇ ਹਨ। ਇਹ ਟੀਮਾਂ ਕਿਸਾਨਾਂ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਅਤੇ ਖੇਤੀਬਾੜੀ ਵਾਲੀ ਜ਼ਮੀਨ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਜਾਗਰੂਕ ਵੀ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗੀ ਕਾਰਵਾਈ ਤੋਂ ਬਚਣ ਅਤੇ ਵਾਤਾਵਰਨ ਦੀ ਸ਼ੁਧਤਾ ਬਰਕਰਾਰ ਰੱਖਣ ਲਈੇ ਕਣਕ ਦੇ ਨਾੜ/ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਨੂੰ ਯਕੀਨੀ ਬਣਾਉਣ।