ਮੋਗਾ, 30 ਅਕਤੂਬਰ (000) –
ਤਿਉਹਾਰਾਂ ਦੇ ਸੀਜ਼ਨ ਕਰਕੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਹੁਣੇ ਤੋਂ ਹੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ ਅਤੇ ਇਸ ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਕੀਤਾ ਗਿਆ। ਉਨ੍ਹਾਂ ਇਸ ਚੈਕਿੰਗ ਮੁਹਿੰਮ ਨੂੰ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਵਿਭਾਗਾਂ ਨੂੰ ਜਾਰੀ ਕੀਤੇ ਅਤੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ,ਰੇਹੜੀ ਫੜ੍ਹੀ ਵਾਲਿਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਫਸਣ ਤੋਂ ਬਚਣ ਲਈ ਫੂਡ ਸੇਫ਼ਟੀ ਐਕਟ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਦੁਕਾਨਦਾਰ ਜਾਂ ਖਾਧ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਾ ਵਿਅਕਤੀ ਜਾਂ ਅਦਾਰਾ ਅਜਿਹਾ ਕੋਈ ਕੰਮ ਨਾ ਕਰੇ ਜਿਸ ਨਾਲ ਤਿਉਹਾਰੀ ਸੀਜ਼ਨ ਦੌਰਾਨ ਆਮ ਲੋਕਾਂ ਦੇ ਸਿਹਤ ਨੂੰ ਕੋਈ ਨੁਕਸਾਨ ਪਹੁੰਚੇ। ਉਨ੍ਹਾਂ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਦੁਕਾਨਦਾਰ ਜਾਂ ਅਦਾਰੇ ਦੀ ਸੈਂਪਲਿੰਗ ਕੀਤੀ ਜਾਂਦੀ ਹੈ ਤਾਂ ਉਸ ਵਿੱਚ ਮਾਲਕ ਨੂੰ ਜਰੂਰ ਨਾਲ ਪਾਰਟੀ ਬਣਾਇਆ ਜਾਵੇ ਤਾਂ ਜੋ ਅਸਲ ਦੋਸ਼ੀ ਕਿਸੇ ਵੀ ਹੀਲੇ ਬਚ ਨਾ ਸਕਣ।
ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਫੂਡ ਸੇਫ਼ਟੀ ਐਕਟ-2006 ਬਾਰੇ ਜਾਣਕਾਰੀ ਤੋਂ ਇਲਾਵਾ ਗੁਡ ਮੈਨੂਫੈਕਚਰਿੰਗ ਪ੍ਰੈਕਟਿਸਜ਼ (ਜੀ.ਐਮ.ਪੀ.), ਗੁਡ ਹਾਈਜਿੰਨ ਪ੍ਰੈਕਟਿਸਜ਼ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਮੋਗਾ ਸ਼ਹਿਰ ਵਿੱਚ ਫਾਸਟ ਫੂਡ/ਗੋਲ ਗੱਪੇ/ਟਿੱਕੀਆਂ ਆਦਿ ਵੇਚਣ ਵਾਲਿਆਂ ਨੂੰ ਸਖਤੀ ਨਾਲ ਹਦਾਇਤ ਕੀਤੀ ਕਿ ਉਹ ਆਪਣੇ ਹੱਥਾਂ ਵਿੱਚ ਦਸਤਾਨੇ, ਸਿਰ ਉੱਪਰ ਟੋਪੀ ਅਤੇ ਐਪਰਨ ਪਾ ਕੇ ਹੀ ਆਪਣਾ ਖਾਣ ਪੀਣ ਦਾ ਕੰਮ ਕਰਨ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਹਰ ਕਸਬੇ ਅਤੇ ਤਹਿਸੀਲ ਅਧੀਨ ਆਉਂਦੀਆਂ ਮਠਿਆਈ ਦੀਆਂ ਦੁਕਾਨਾਂ, ਡਾਇਰੀਆਂ ਅਤੇ ਕਰਿਆਨਿਆਂ ਦੀਆਂ ਦੁਕਾਨਾਂ ਦੀ ਚੈਕਿੰਗ ਤਿਉਹਾਰੀ ਸੀਜ਼ਨ ਮੱਦੇਨਜ਼ਰ ਸਖਤੀ ਨਾਲ ਕੀਤੀ ਜਾਵੇਗੀ।