ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ

Ludhiana Politics Punjab

ਲੁਧਿਆਣਾ, 8 ਨਵੰਬਰ:
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਏ ਜਾਣ।
ਇੱਥੇ ਰਾਜ ਪੱਧਰੀ ਸਮਾਰੋਹ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ 10031 ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਈ, ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਲਈ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਨੇਕ ਕੰਮ ਲਈ ਪੂਰਾ ਸਹਿਯੋਗ ਦੇਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸਰਪੰਚਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਕਾਰਜ ਲਈ ਵਚਨਬੱਧ ਹੈ ਅਤੇ ਇਸ ਕੰਮ ਲਈ ਹਰ ਹਰਬਾ ਵਰਤਿਆ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਪੰਜਾਬੀਆਂ ਨੂੰ ਮੁਬਾਰਕਬਾਦ ਦਿੰਦਿਆਂ ਇਸ ਸਮਾਗਮ ਵਿੱਚ ਪੁੱਜੇ ਸਰਪੰਚਾਂ ਦਾ ਸਵਾਗਤ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਸਹੁੰ ਚੁੱਕਣ ਮਗਰੋਂ ਇਹ ਸਰਪੰਚ ਆਪਣੇ ਪਿੰਡਾਂ ਨੂੰ ਵਿਕਾਸ ਦੇ ਰਾਹ ਉਤੇ ਤੋਰਨਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਕਰੀਬ ਤਿੰਨ ਹਜ਼ਾਰ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ, ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸਰਪੰਚਾਂ ਨੂੰ ਚੰਗਾ ਪ੍ਰਦਰਸ਼ਨ ਕਰਨਾ ਹੋਵੇਗਾ ਅਤੇ ਆਪਣੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਿੱਚ ਬਦਲਣਾ ਪਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਭਲਾਈ ਲਈ ਸਰਪੰਚਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਸਰਪੰਚਾਂ ਨੂੰ ਹਰ ਫੈਸਲਾ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਲੈਣ ਲਈ ਕਿਹਾ ਅਤੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਸਰਪੰਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਅਹਿਮ ਅਹੁਦੇ ਲਈ ਚੁਣੇ ਸਾਰੇ ਸਰਪੰਚਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ 13,147 ਨਵੀਆਂ ਪੰਚਾਇਤਾਂ ਚੁਣੀਆਂ ਗਈਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇਸ ਸੂਬਾ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ 19 ਜ਼ਿਲ੍ਹਿਆਂ ਦੇ 10031 ਸਰਪੰਚ ਅਹੁਦੇ ਦੀ ਸਹੁੰ ਚੁਕਾਈ ਗਈ।
ਮੁੱਖ ਮੰਤਰੀ ਨੇ ਕਿਹਾ ਕਿ ਬਾਕੀ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਤੇ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਅਤੇ ਸਾਰੇ 23 ਜ਼ਿਲ੍ਹਿਆਂ ਦੇ ਨਵੇਂ ਚੁਣੇ 81,808 ਪੰਚਾਂ ਦਾ ਸਹੁੰ ਚੁੱਕ ਸਮਾਗਮ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਤੇ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਤੋਂ ਬਾਅਦ ਹੋਵੇਗਾ। ਉਨ੍ਹਾਂ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਲਈ ਪਿੰਡਾਂ ਦੇ ਲੋਕਾਂ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਨੇ ਸੰਕੀਰਨ ਸੋਚ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰ ਕੇ ਜਿੱਥੇ ਇਕ ਪਾਸੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕੀਤਾ, ਉੱਥੇ ਆਪਣੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਵਿੱਚ 3037 ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਅਤੇ ਫਿਰੋਜ਼ਪੁਰ ਜ਼ਿਲ੍ਹੇ ਨੇ 336 ਪੰਚਾਇਤਾਂ ਸਰਬਸੰਮਤੀ ਨਾਲ ਚੁਣ ਕੇ ਮੋਹਰੀ ਸਥਾਨ ਹਾਸਲ ਕੀਤਾ, ਜਿਸ ਤੋਂ ਬਾਅਦ ਗੁਰਦਾਸਪੁਰ (335) ਅਤੇ ਤਰਨ ਤਾਰਨ (334) ਦਾ ਸਥਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਸਾਰੇ ਸਰਪੰਚਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ਨੂੰ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਵੋਟਰਾਂ ਦੇ ਰਿਣੀ ਹਨ, ਜਿਨ੍ਹਾਂ ਨੇ ਪੂਰੇ ਉਤਸ਼ਾਹ ਨਾਲ ਇਨ੍ਹਾਂ ਚੋਣਾਂ ਵਿੱਚ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਹਿੱਸਾ ਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ੍ਹ’ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਕੋਲ ਅਥਾਹ ਸ਼ਕਤੀ ਹੁੰਦੀ ਹੈ ਅਤੇ ਉਸ ਦੇ ਫੈਸਲੇ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬੇ ਦੇ ਲੋਕਾਂ ਨੇ ਸਰਪੰਚਾਂ ਨੂੰ ਇਹ ਸ਼ਕਤੀਆਂ ਦਿੱਤੀਆਂ ਹਨ ਤਾਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਇੱਛਾਵਾਂ ਦੀ ਕਦਰ ਕਰਨਾ ਸਰਪੰਚਾਂ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਦੇਸ਼ ਦੀ ਲਗਭਗ 70 ਫੀਸਦੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦੇ ਚਾਨਣ ਮੁਨਾਰੇ ਵਜੋਂ ਦੇਖਿਆ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਸਥਾਵਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੀਤੀਆਂ ਬਣਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਵਿੱਚ ਸਰਪੰਚਾਂ-ਪੰਚਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਸਮੂਹ ਸਰਪੰਚਾਂ ਨੂੰ ਅੱਜ ਤੋਂ ਹੀ ਵਿਕਾਸ ਕਾਰਜਾਂ ਲਈ ਸਮਰਪਿਤ ਹੋਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲ, ਡਿਸਪੈਂਸਰੀਆਂ, ਪਸ਼ੂ ਹਸਪਤਾਲ ਅਤੇ ਜਨਤਕ ਮਹੱਤਤਾ ਵਾਲੇ ਕਈ ਹੋਰ ਕੰਮ ਪਹਿਲਾਂ ਹੀ ਪੰਚਾਇਤਾਂ ਦੀ ਸਿੱਧੀ ਨਿਗਰਾਨੀ ਹੇਠ ਹਨ। ਇਸੇ ਤਰ੍ਹਾਂ ਪਿੰਡਾਂ ਦੇ ਵਿਕਾਸ ਸਬੰਧੀ ਕਈ ਹੋਰ ਕੰਮ ਵੀ ਸਰਪੰਚਾਂ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚਾਂ ਨੂੰ ਇਨ੍ਹਾਂ ਕੰਮਾਂ ਅਤੇ ਸੇਵਾਵਾਂ ਦੀ ਸਮਰਪਿਤ ਤਰੀਕੇ ਨਾਲ ਨਿਗਰਾਨੀ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਸਰਪੰਚਾਂ ਨੂੰ ਸਪੱਸ਼ਟ ਸੱਦਾ ਦਿੱਤਾ ਕਿ ਉਹ ਇਨ੍ਹਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦਖ਼ਲਅੰਦਾਜ਼ੀ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਿੰਡਾਂ ਵਿੱਚ ਧੜੇਬੰਦੀ ਕਾਰਨ ਕਈ ਕੰਮਾਂ ਵਿੱਚ ਅੜਿੱਕੇ ਖੜ੍ਹੇ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚਾਂ ਨੂੰ ਪਿੰਡਾਂ ਵਿੱਚੋਂ ਧੜੇਬੰਦੀ ਨੂੰ ਖ਼ਤਮ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਬਹੁਮਤ ਹਾਸਲ ਕਰਨ ਵਾਲਾ ਵਿਅਕਤੀ ਜਾਂ ਪਾਰਟੀ ਜੇਤੂ ਹੁੰਦੀ ਹੈ ਪਰ ਇਕ ਵਾਰ ਸਰਪੰਚ ਚੁਣੇ ਜਾਣ ਮਗਰੋਂ ਉਹ ਪੂਰੇ ਪਿੰਡ ਦਾ ਨੁਮਾਇੰਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਪੰਚ ਨੂੰ ਪਿੰਡ ਦੇ ਹਰ ਵਸਨੀਕ ਨਾਲ ਬਰਾਬਰ ਦਾ ਸਲੂਕ ਕਰਨਾ ਚਾਹੀਦਾ ਹੈ ਅਤੇ ਨਿਰਪੱਖਤਾ ਨਾਲ ਫੈਸਲੇ ਲੈਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਕਈ ਸਰਪੰਚਾਂ ਨੇ ਆਪਣੀ ਸੂਝ-ਬੂਝ ਅਤੇ ਦੂਰਅੰਦੇਸ਼ੀ ਨਾਲ ਪਿੰਡਾਂ ਦੀ ਕਾਇਆ-ਕਲਪ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਪਿੰਡਾਂ ਵਿੱਚ ਹਰ ਤੀਜਾ ਘਰ ਪਰਵਾਸੀ ਭਾਰਤੀਆਂ ਦਾ ਹੈ ਅਤੇ ਪਰਵਾਸੀ ਭਾਰਤੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਪਿੰਡਾਂ ਦੇ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸਰਪੰਚਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਉੱਤੇ ਜ਼ੋਰ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸਰਪੰਚਾਂ ਨੂੰ ਵੀ ਪਿੰਡਾਂ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਅਤੇ ਖ਼ੁਸ਼ਹਾਲੀ ਦੀ ਗਤੀ ਨੂੰ ਹੋਰ ਹੁਲਾਰਾ ਦੇਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚ ਸਰਕਾਰ ਅਤੇ ਪਿੰਡਾਂ ਵਿਚਕਾਰ ਪੁਲ ਦਾ ਕੰਮ ਕਰਦੇ ਹਨ ਅਤੇ ਤੁਹਾਨੂੰ ਪਿੰਡਾਂ ਦੇ ਵਿਕਾਸ ਵਿੱਚ ਵੱਡਾ ਰੋਲ ਅਦਾ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਸਰਪੰਚਾਂ ਨੂੰ ਭਰੋਸਾ ਦਿਵਾਇਆ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਤਾਂ ਜੋ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕੰਮ ਸ਼ੁਰੂ ਕਰਵਾਏ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਮਤੇ ਪਾਸ ਕਰਨੇ ਚਾਹੀਦੇ ਹਨ ਅਤੇ ਸੂਬਾ ਸਰਕਾਰ ਇਸ ਲਈ ਹਰ ਹੀਲਾ ਵਰਤੇਗੀ।
ਮੁੱਖ ਮੰਤਰੀ ਨੇ ਸਾਰਿਆਂ ਨੂੰ ਉਸਾਰੂ ਮੁਹਿੰਮ ਸ਼ੁਰੂ ਕਰ ਕੇ ਸੂਬੇ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਤਾਂ ਜੋ ਅਸੀਂ ਰੰਗਲਾ ਪੰਜਾਬ ਸਿਰਜ ਸਕੀਏ। ਉਨ੍ਹਾਂ ਸਰਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਤਰਜੀਹਾਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਸੂਬੇ ਦੇ ਨੌਜਵਾਨਾਂ ਨੂੰ 45000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਟਾਟਾ ਸਟੀਲ ਅਤੇ ਹੋਰ ਕਈ ਚੋਟੀ ਦੇ ਸਨਅਤਕਾਰਾਂ ਨੂੰ ਨਿਵੇਸ਼ ਲਈ ਸੱਦਿਆ ਹੈ ਤਾਂ ਜੋ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਮਿਲਣ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸੂਬੇ ਅਤੇ ਦੇਸ਼ ਦੀ ਦੌਲਤ ਅੰਨ੍ਹੇਵਾਹ ਲੁੱਟੀ, ਉੱਥੇ ਹੀ ‘ਆਪ’ ਸਰਕਾਰ ਵਿਕਾਸ ਉੱਤੇ ਪੂਰਾ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਨਵਾਂ ਰਾਹ ਦਿਖਾਇਆ ਹੈ ਅਤੇ ਸੂਬਾ ਸਰਕਾਰ ਲੋਕਾਂ ਦੇ ਭਲੇ ਲਈ ਉਨ੍ਹਾਂ ਦੀ ਸੋਚ ਅਨੁਸਾਰ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਏਗੀ।
ਇਸ ਮੌਕੇ ਕੈਬਨਿਟ ਮੰਤਰੀ, ਰਾਜ ਸਭਾ ਅਤੇ ਲੋਕ ਸਭਾ ਮੈਂਬਰ, ਵਿਧਾਇਕ ਅਤੇ ਹੋਰ ਪਤਵੰਤੇ ਹਾਜ਼ਰ ਸਨ।