ਮੋਗਾ, 4 ਦਸੰਬਰ (000) – ਕੇਂਦਰੀ ਯੋਜਨਾ ‘ ਮਗਨਰੇਗਾ ‘ ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ ਦਾ ਕੰਮ ਮੁਹਈਆ ਵੀ ਕਰਵਾਇਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਦੱਸਣਯੋਗ ਹੈ ਕਿ ਟੀਚੇ ਮੁਤਾਬਿਕ 67.87 ਫੀਸਦੀ ਕੰਮ ਮੁਹਈਆ ਕਰਵਾਇਆ ਜਾ ਚੁੱਕਾ ਹੈ। ਪਰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਪ੍ਰਗਤੀ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਗ੍ਰਾਮ ਰੋਜ਼ਗਾਰ ਸਹਾਇਕਾਂ ਨੂੰ
ਇਸ ਦਰ ਨੂੰ 100 ਫੀਸਦੀ ਤੱਕ ਲਿਜਾਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜੋ ਵੀ ਗ੍ਰਾਮ ਰੋਜ਼ਗਾਰ ਸਹਾਇਕ ਦਿੱਤੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਨਹੀਂ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੂੰ ਕਿਹਾ ਜੋ ਗ੍ਰਾਮ ਰੋਜ਼ਗਾਰ ਸਹਾਇਕ ਕੰਮ ਵਿੱਚ ਲਾਪਰਵਾਹੀ ਕਰਦੇ ਹਨ ਉਹਨਾਂ ਦੀ ਇੰਕਰੀਮੈਂਟ ਰੋਕ ਦਿੱਤੀ ਜਾਵੇ ਅਤੇ ਜੋ ਬਿਲਕੁਲ ਵੀ ਕੰਮ ਨਹੀਂ ਕਰਦੇ ਉਹਨਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰਕੇ ਨਵੀਂ ਭਰਤੀ ਕਰ ਲਈ ਜਾਵੇ। ਉਹਨਾਂ ਗ੍ਰਾਮ ਰੋਜ਼ਗਾਰ ਸਹਾਇਕ ਵਾਰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੀ ਵੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਜੋ ਵੀ ਵਰਕਰਾਂ ਨੂੰ ਰੁਜ਼ਗਾਰ ਦਿੱਤਾ ਜਾ ਰਿਹਾ ਹੈ ਉਹਨਾਂ ਦੀ ਅਦਾਇਗੀ ਤੈਅ ਸਮਾਂ ਸੀਮਾ ਵਿੱਚ ਕਰਨੀ ਯਕੀਨੀ ਬਣਾਈ ਜਾਵੇ। ਇਸ ਯੋਜਨਾ ਤਹਿਤ ਜਿਹੜੇ ਵੀ ਕੰਮ ਪ੍ਰਗਤੀ ਅਧੀਨ ਹਨ ਉਹਨਾਂ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕਰਵਾਇਆ ਜਾਵੇ। ਜਿਹੜੇ ਕੰਮ ਪਿਛਲੇ ਲੰਮੇ ਸਮੇਂ ਤੋਂ ਅਧੂਰੇ ਪਏ ਹਨ ਉਹਨਾਂ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਮੰਗੀ ਗਈ। ਡਿਪਟੀ ਕਮਿਸ਼ਨਰ ਨੇ ਮਗਨਰੇਗਾ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿਵਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਐਕਟ ਪੇਂਡੂ ਪਰਿਵਾਰ ਦੇ ਬਾਲਗ ਮੈਂਬਰਾਂ ਨੂੰ ਇੱਕ ਵਿੱਤੀ ਸਾਲ ਵਿੱਚ ਸੌ ਦਿਨਾਂ ਦੀ ਉਜਰਤ ਰੁਜ਼ਗਾਰ ਦੀ ਕਾਨੂੰਨੀ ਗਾਰੰਟੀ ਦਿੰਦਾ ਹੈ ਜੋ ਰੁਜ਼ਗਾਰ ਦੀ ਮੰਗ ਕਰਦੇ ਹਨ ਅਤੇ ਅਕੁਸ਼ਲ ਹੱਥੀਂ ਕੰਮ ਕਰਨ ਲਈ ਤਿਆਰ ਹਨ।