ਚੰਡੀਗੜ੍ਹ, 4 ਦਸੰਬਰ:
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਹੁਣ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਰਾਜਾਂ ਦੀਆਂ ਸੰਸਥਾਵਾਂ ਵਿੱਚ ਦਾਖਲਾ ਲਿਆ ਹੋਇਆ ਹੈ, ਉਨ੍ਹਾਂ ਨੂੰ ਪੜ੍ਹਾਈ ਦੇ ਖਰਚ ਲਈ ਬਕਾਇਆ ਰਾਸ਼ੀ ਜਾਰੀ ਕੀਤੀ ਜਾਵੇਗੀ। ਇਹ ਰਕਮ ਉਹਨਾਂ ਦੀ ਸਿੱਖਿਆ ਦੀ ਲਗਾਤਾਰਤਾ ਲਈ ਮਦਦਗਾਰ ਸਾਬਤ ਹੋਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰਾਸ਼ੀ ਵੱਖ-ਵੱਖ ਸਰਕਾਰੀ ਸੰਸਥਾਵਾਂ ਨੂੰ ਜਾਰੀ ਕਰਨ ਅਤੇ ਇਸਦੀ ਸਹੀ ਅਦਾਇਗੀ ਯਕੀਨੀ ਬਣਾਉਣ ਦੀ ਜਿੰਮੇਵਾਰੀ ਪ੍ਰਬੰਧਕੀ ਵਿਭਾਗ ਨੂੰ ਦਿੱਤੀ ਗਈ ਹੈ। ਇਹ ਵਿਭਾਗ ਇਸ ਰਕਮ ਦੇ ਸਹੀ ਵਰਤੋ ਲਈ ਜ਼ਿੰਮੇਵਾਰ ਹੋਵੇਗਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿੱਖਿਆ ਸਮਾਜਿਕ ਬਦਲਾਅ ਲਈ ਸਭ ਤੋਂ ਸਸ਼ਕਤ ਹਥਿਆਰ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਾਰਣਾਂ ਕਰਕੇ ਆਪਣੀ ਪੜਾਈ ਨੂੰ ਛੱਡਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।