ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Politics Punjab


ਚੰਡੀਗੜ੍ਹ, 30 ਦਸੰਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਬਕਾਇਆ ਰਹਿੰਦੀਆਂ ਸੰਸਥਾਵਾਂ ਨੂੰ ਅਦਾਇਗੀ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਰਕਾਰੀ ਸੰਸਥਾਵਾ ਅਤੇ ਪੰਜਾਬ ਰਾਜ ਦੇ ਵਿਦਿਆਰਥੀ ਜੋ ਕਿ ਹੋਰ ਰਾਜਾਂ ਦੀਆਂ ਸੰਸਥਾਵਾਂ ਵਿੱਚ ਪੜ੍ਹਾਈ ਕਰ ਰਹੇ ਹਨ, ਨੂੰ ਸਾਲ 2017-18 ਤੋਂ 2019-20 ਤੱਕ ਦੀ ਫੀਸ ਦੀ 40% ਅਦਾਇਗੀ ਲਈ 92.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ।

ਸਮਾਜਿਕ ਨਿਆਂ ਮੰਤਰੀ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਕਾਲਰਸ਼ਿਪ ਸਕੀਮ ਅਧੀਨ ਵੱਧ ਤੋਂ ਵੱਧ ਲਾਭ ਲੈਣ ਲਈ ਭਵਿੱਖ ਵਿੱਚ ਆਮਦਨ ਸਰਟੀਫਿਕੇਟ ਜਮ੍ਹਾਂ ਕਰਾਉਣ।

ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਅਧੀਨ ਸਾਲ 2024-25 ਲਈ ਵਿਦਿਆਰਥੀਆਂ ਦੇ ਵਜ਼ੀਫੇ ਲਈ 245.00 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ  ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *