ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਵੱਲੋਂ ਗਾਹਲੜੀ ਸਕੂਲ ਦਾ ਦੌਰਾ

Gurdaspur Politics Punjab

ਦੋਰਾਂਗਲਾ/ਗੁਰਦਾਸਪੁਰ, 10 ਜਨਵਰੀ (           ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਵੱਲੋਂ ਬੀਤੇ ਕੱਲ੍ਹ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ, ਗਾਹਲੜੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਵਿੰਦਰ ਸਿੰਘ, ਬੀ.ਡੀ.ਪੀ.ਓ. ਦੋਰਾਂਗਲਾ ਸ. ਦਿਲਬਾਗ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਆਪਣੇ ਦੌਰੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਵੱਲੋਂ ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ। ਸਕੂਲ ਦੇ ਪ੍ਰਿੰਸੀਪਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਕੂਲ ਦੇ ਬਾਹਰਵਾਰ ਬਿਜਲੀ ਦਾ ਇੱਕ ਵੱਡਾ ਮੀਟਰ ਬਾਕਸ ਲੱਗਾ ਹੋਇਆ ਹੈ ਜੋ ਕਿ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਕੂਲ ਦੀਆਂ ਲੈਬਾਂ ਵਿੱਚ ਫਲੋਰ ਟਾਈਲਾਂ, ਬਾਸਕਿਟ ਬਾਲ ਗਰਾਊਂਡ ਨੂੰ ਪੱਕਿਆਂ ਕਰਨ, ਮਿੱਡ ਡੇ ਮੀਲ ਹਾਲ ਵਿੱਚ ਫਰਨੀਚਰ, ਐੱਲ.ਈ.ਡੀ., ਜਨਰੇਟਰ ਸੈੱਟ ਆਦਿ ਲੋੜਾਂ ਬਾਰੇ ਵੀ ਦੱਸਿਆ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਸਕੂਲ ਦੇ ਬਾਹਰਵਾਰ ਬਿਜਲੀ ਦੇ ਇੱਕ ਵੱਡੇ ਮੀਟਰ ਬਾਕਸ ਦੇ ਹੱਲ ਲਈ ਪਾਵਰਕਾਮ ਨੂੰ ਹਦਾਇਤ ਕੀਤੀ ਜਾਵੇਗੀ ਅਤੇ ਜਲਦ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕੂਲ ਦੀਆਂ ਹੋਰ ਵੀ ਜੋ ਲੋੜਾਂ ਹਨ ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸੁਧਾਰਾਂ ਤਹਿਤ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਵੀ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਗਾਹਲੜੀ ਸਕੂਲ ਜ਼ਿਲ੍ਹੇ ਦਾ ਪ੍ਰਮੁੱਖ ਸਰਕਾਰੀ ਸਕੂਲ ਹੈ ਅਤੇ ਇਸ ਦੀਆਂ ਲੋੜਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਨਿਸ਼ਾਨਾਂ ਮਿੱਥ ਕੇ ਉਸ ਨੂੰ ਪਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ, ਕਾਮਯਾਬੀ ਜ਼ਰੂਰ ਉਨ੍ਹਾਂ ਦੇ ਕਦਮ ਚੁੰਮੇਗੀ।

Leave a Reply

Your email address will not be published. Required fields are marked *