ਸੂਬੇ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ: ਜੈ ਕ੍ਰਿਸ਼ਨ ਸਿੰਘ ਰੌੜੀ

Hoshiarpur Politics Punjab

ਮਾਹਿਲਪੁਰ/ਹੁਸ਼ਿਆਰਪੁਰ,  10 ਜਨਵਰੀ: ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸਬ-ਡਵੀਜਨ ਗੜ੍ਹਸ਼ੰਕਰ ਦੇ ਮਾਹਿਲਪੁਰ ਵਿਚ 2 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।
ਡਿਪਟੀ ਸਪੀਕਰ ਨੇ ਇਸ ਮੌਕੇ ’ਤੇ ਸਥਾਨਕ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਚੋਣਾਂ ਦੌਰਾਨ ਉਨ੍ਹਾਂ ਨੇ ਜੋ ਸੜਕਾਂ ਬਣਾਉਣ ਦਾ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਨਾ ਕੇਵਲ ਪਿੰਡਾਂ ਨੂੰ ਬਿਹਤਰ ਸੜਕ ਸੰਪਰਕ ਮਿਲੇਗਾ ਬਲਕਿ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਵਿਚ ਵੀ ਤੇਜ਼ੀ ਆਵੇਗੀ। ਇਹ ਵਿਕਾਸ ਕਾਰਜ ਇਲਾਕੇ ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਜਨਤਾ ਲਈ ਵਰਦਾਨ ਸਾਬਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੜ੍ਹਸ਼ੰਕਰ ਸਬ ਡਿਵੀਜ਼ਨ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵਿਆਪਕ ਯੋਜਨਾਵਾਂ ਬਣਾਈਆਂ ਹਨ। ਇਨ੍ਹਾਂ ਯੋਜਨਾਵਾਂ ਤਹਿਤ ਸੜਕਾਂ, ਪਾਣੀ ਦੀ ਸਪਲਾਈ, ਸਿਹਤ ਸਹੂਲਤਾਂ ਅਤੇ ਸਿੱਖਿਆ ਸਹੂਲਤਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਰੌੜੀ ਨੇ ਕਿਹਾ ਕਿ ਇਹ ਪ੍ਰੋਜੈਕਟ ਰਾਜ ਸਰਕਾਰ ਦੀ ਸਰਵਪੱਖੀ ਵਿਕਾਸ ਦੀ ਨਿੱਤੀ ਦਾ ਹਿੱਸਾ ਹੈ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਵਿਚ ਸਹਿਯੋਗ ਕਰਨ। ਸਥਾਨਕ ਨਿਵਾਸੀਆਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਡਿਪਟੀ ਸਪੀਕਰ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਇਲਾਕੇ ਦੇ ਪਤਵੰਤੇ ਲੋਕ ਵੀ ਮੌਜੂਦ ਸਨ।

Leave a Reply

Your email address will not be published. Required fields are marked *