ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ

Fatehgarh Sahib Politics Punjab

ਫ਼ਤਹਿਗੜ੍ਹ ਸਾਹਿਬ, 16 ਜਨਵਰੀ

ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋਂ ਸਬ ਡਵੀਜ਼ਨ ਦੀਆਂ ਅਦਾਲਤਾਂ ਵਿਖੇ 08 ਮਾਰਚ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਅਤੇ ਇਸ ਦੀ ਸਫਲਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਮੈਂਬਰ ਸਾਹਿਬਾਨ ਵੱਧ ਚੜ੍ਹ ਕੇ ਸਹਿਯੋਗ ਦੇਣ।

ਇਹ ਨਿਰਦੇਸ਼ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਜ਼ਿਲ੍ਹਾ ਕਚਹਿਰੀਆਂ ਵਿਖੇ ਹੋਈ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੇ।

ਸ਼੍ਰੀ ਗੁਪਤਾ ਨੇ ਮੀਟਿੰਗ ਵਿੱਚ ਸ਼ਾਮਲ ਹੋਏ ਸਾਰੇ ਮੈਂਬਰ ਸਾਹਿਬਾਨ ਨੂੰ ਕਿਹਾ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਸਮਝੌਤਾਯੋਗ ਸਾਰੇ ਫੌਜਦਾਰੀ ਅਤੇ ਸਿਵਲ ਕੇਸ, ਜੋ ਕਿ ਲੰਮੇ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਨੂੰ ਰੱਖਿਆ ਜਾਵੇ।

ਇਸ ਤੋਂ ਇਲਾਵਾ ਵਿਆਹ-ਸਬੰਧੀ ਝਗੜਿਆਂ ਦੇ ਕੇਸ, ਪਰਿਵਾਰਕ ਝਗੜਿਆਂ ਦੇ ਕੇਸ, ਮਜ਼ਦੂਰਾਂ ਦੇ ਝਗੜੇ, ਜ਼ਮੀਨ ਅਧਿਗ੍ਰਹਿਣ ਸਬੰਧੀ ਮਾਮਲੇ, ਬੈਂਕ ਰਿਕਵਰੀ, ਚੈੱਕ ਬਾਊਂਸ, ਮਾਲ ਵਿਭਾਗ ਨਾਲ ਸਬੰਧਤ ਮਾਮਲੇ, ਜਲ ਸਪਲਾਈ ਅਤੇ ਬਿਜਲੀ ਸਪਲਾਈ ਸਬੰਧੀ ਮਾਮਲੇ ਵੀ ਇਸ ਲੋਕ ਅਦਾਲਤ ਵਿੱਚ ਲਗਾਏ ਜਾਣ। ਉਨ੍ਹਾਂ ਨੇ ਐੱਸ.ਪੀ. (ਡੀ) ਰਾਕੇਸ਼ ਯਾਦਵ ਨੂੰ ਕਿਹਾ ਕਿ ਉਹ ਆਪਣੇ ਅਧਿਕਾਰੀਆਂ ਨੂੰ ਹਦਾਇਤ ਦੇਣ ਕਿ ਕੇਸਾਂ ਸਬੰਧੀ ਰਿਪੋਰਟਾਂ ਕੋਰਟਾਂ ਵਿੱਚ ਸਮੇਂ ਸਿਰ ਪੇਸ਼ ਕੀਤੀਆਂ ਜਾਣ।

ਸ਼੍ਰੀ ਅਰੁਣ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾਉਣ ਲਈ ਇਸ ਲੋਕ ਅਦਾਲਤ ਵਿੱਚ ਆਪਣੇ ਕੇਸ ਲੈ ਕੇ ਆਉਣ ਕਿਉਂਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤੇ ਗਏ ਫੈਸਲੇ ਅੰਤਿਮ ਹੁੰਦੇ ਹਨ, ਜਿਨ੍ਹਾਂ ਵਿਰੁੱਧ ਅੱਗੇ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਜੋ ਝਗੜੇ ਪਹਿਲਾਂ ਅਦਾਲਤ ਵਿੱਚ ਨਾ ਚੱਲਦੇ ਹੋਣ, ਉਹ ਮਾਮਲੇ ਵੀ ਨੈਸ਼ਨਲ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜ਼ੀਨਾਮੇ ਲਈ ਰੱਖੇ ਜਾ ਸਕਦੇ ਹਨ। ਇਸ ਅਦਾਲਤ ਵਿੱਚ ਲੱਗੇ ਕੇਸਾਂ ਦੀ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿਛਲੀ ਤਿਮਾਹੀ ਦੌਰਾਨ 137 ਲੋੜਵੰਦ ਲਾਭਪਾਤਰੀਆਂ ਨੂੰ ਦਿੱਤੀ ਗਈ ਮੁਫਤ ਕਾਨੂੰਨੀ ਸਹਾਇਤਾ ਦੇ ਕੇਸ ਵੀ ਪਾਸ ਕੀਤੇ ਗਏ।

ਸ਼੍ਰੀ ਗੁਪਤਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਲਾਕ ਪੱਧਰ ‘ਤੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਅੱਗੇ ਤੋਂ ਹਿੱਟ ਐਂਡ ਰੱਨ ਕੇਸਾਂ ਵਿੱਚ ਮੁਆਵਜ਼ਾ ਜ਼ਿਲ੍ਹਾ ਪੱਧਰੀ ਮੌਨੀਟਰਿੰਗ ਕਮੇਟੀ ਦੇਵੇਗੀ।

ਮੀਟਿੰਗ ਵਿੱਚ ਐੱਸ.ਪੀ. (ਡੀ) ਰਾਕੇਸ਼ ਯਾਦਵ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਸ਼੍ਰੀਮਤੀ ਪੈਮਲਪ੍ਰੀਤ ਗਰੇਵਾਲ ਕਾਹਲ, ਜ਼ਿਲ੍ਹਾ ਅਟਾਰਨੀ ਸ਼੍ਰੀ ਕੁਲਵਿੰਦਰ ਸਿੰਘ, ਲੀਗਲ ਸਰਵਿਸ ਅਥਾਰਟੀ ਦੇ ਮੈਂਬਰ ਸ਼੍ਰੀਮਤੀ ਨਮਰਤਾ ਸ਼ਰਮਾ, ਸ਼੍ਰੀ ਅਸ਼ੋਕ ਸੂਦ, ਸ਼੍ਰੀ ਹਿਤੇਂਦਰ ਸੂਰੀ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਵੀ ਸ਼ਾਮਿਲ ਹੋਏ।

Leave a Reply

Your email address will not be published. Required fields are marked *