ਸੜਕ ਸੁਰੱਖਿਆ ਸਬੰਧੀ ਟਰੱਕ ਯੂਨੀਅਨ ਸਰਹਿੰਦ ਵਿਖੇ ਜਾਗਰੂਕ ਪ੍ਰੋਗਰਾਮ

Fatehgarh Sahib Politics Punjab

ਫ਼ਤਹਿਗੜ੍ਹ ਸਾਹਿਬ, 17 ਜਨਵਰੀ:

                ਪੰਜਾਬ ਸਰਕਾਰ ਵੱਲੋਂ 31 ਜਨਵਰੀ ਤੱਕ ਸੂਬੇ ਭਰ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਟਰੱਕ ਯੂਨੀਅਨ ਸਰਹਿੰਦ ਵਿਖੇ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਧੁੰਦ ਦੇ ਮੌਸਮ ਨੂੰ ਵੇਖਦੇ ਹੋਏ ਵਾਹਨਾਂ ਪਿੱਛੇ ਰਿਫਲੈਕਟਰ ਟੇਪਾਂ ਵੀ ਲਗਾਈਆਂ ਗਈਆਂ।

                ਇਸ ਮੌਕੇ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਪਰਦੀਪ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਸੜਕੀ ਹਾਦਸੇ ਇੱਕ ਗੰਭੀਰ ਸਮੱਸਿਆ ਵਜੋਂ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਰੋਕਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਵਾਹਨ ਚਾਲਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜੋ ਕਿ ਦੁਰਘਟਨਾ ਦਾ ਕਾਰਨ ਬਣ ਜਾਂਦੀ ਹੈ ਅਤੇ ਕਿਸੇ ਇੱਕ ਵਿਅਕਤੀ ਵੱਲੋਂ ਕੀਤੀ ਗਈ ਗਲਤੀ ਦੀ ਸਜ਼ਾ ਕਈ ਹੋਰਨਾਂ ਲੋਕਾਂ ਨੂੰ ਵੀ ਭੁਗਤਣੀ ਪੈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਨਸ਼ੇ ਦਾ ਸੇਵਨ ਕਰਕੇ ਵਾਹਨ ਨਹੀਂ ਚਲਾਉਣੇ ਚਾਹੀਦੇ।

                ਏ.ਡੀ.ਟੀ.ਓ. ਪ੍ਰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਮਾਂਹ ਵਜੋਂ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਆਮ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੌਰਾਨ ਵਿਭਾਗ ਵੱਲੋਂ ਟਰੈਫਿਕ ਪੁਲਿਸ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲਾਂ, ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਟਰੱਕ ਯੂਨੀਅਨ, ਆਟੋ ਰਿਕਸ਼ਾ ਯੂਨੀਅਨ ਆਦਿ ਵਿੱਚ ਵਾਹਨਾਂ ਦੇ ਚਾਲਕਾਂ ਨੂੰ ਸੜਕੀ ਦੁਰਘਟਨਾਵਾਂ ਰੋਕਣ ਸਬੰਧੀ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਟਰੈਫਿਕ ਪੁਲਿਸ ਦੇ ਮੁਲਾਜ਼ਮ ਤੇ ਵੱਡੀ ਗਿਣਤੀ ਵਿੱਚ ਵਾਹਨ ਚਾਲਕ ਮੌਜੂਦ ਸਨ।

Leave a Reply

Your email address will not be published. Required fields are marked *