ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

Politics Punjab

ਚੰਡੀਗੜ੍ਹ, 24 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਤੋਂ 10 ਮੋਬਾਈਲ ਮੈਡੀਕਲ ਯੂਨਿਟਾਂ (ਐਮ.ਐਮ.ਯੂਜ਼.) ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਦੇ ਵਿਧਾਇਕ ਵੀ ਮੌਜੂਦ ਸਨ।
ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਇਕਾਈਆਂ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਨਾਗਰਿਕਾਂ ਲਈ ਉਹਨਾਂ ਦੇ ਦਰਾਂ ਤੱਕ ਹੀ ਜ਼ਰੂਰੀ ਡਾਕਟਰੀ ਸੇਵਾਵਾਂ ਪਹੁੰਚਾਉਣਾ ਯਕੀਨੀ ਬਣਾਉਣਾ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਤਿ-ਆਧੁਨਿਕ ਡਾਕਟਰੀ ਸਹਲੂਤਾਂ ਨਾਲ ਲੈਸ ਕੀਤੀਆਂ ਗਈਆਂ ਇਹ ਮੋਬਾਈਲ ਵੈਨਾਂ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਅਲਾਟ ਕੀਤੀਆਂ ਗਈਆਂ ਹਨ ਤਾਂ ਜੋ ਲੋੜਵੰਦਾਂ ਨੂੰ ਉਨ੍ਹਾਂ ਦੇ ਦਰਾਂ ਤੱਕ ਸਮੇਂ ਸਿਰ ਅਤੇ ਗੁਣਵੱਤਾ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਮਿਲਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹਨਾਂ ਐਮਐਮਯੂਜ਼ ਵਿੱਚ ਸੇਵਾਵਾਂ ਦੀ ਇੱਕ ਵਿਆਪਕ ਸ਼੍ਰੇਣੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਿੱਚ ਐਮਬੀਬੀਐਸ ਡਾਕਟਰਾਂ ਦੀ ਮੁਫਤ ਡਾਕਟਰੀ ਸਲਾਹ, 40 ਕਿਸਮਾਂ ਦੇ ਡਾਇਗਨੌਸਟਿਕ ਟੈਸਟ, 220 ਕਿਸਮਾਂ ਦੀਆਂ ਮੁਫ਼ਤ ਦਵਾਈਆਂ, ਵਿਸ਼ੇਸ਼ ਸਿਹਤ ਜਾਗਰੂਕਤਾ ਕੈਂਪ ਅਤੇ ਸਿਹਤ ਸਹੂਲਤਾਂ ਤੱਕ ਪਹੁੰਚ ਕਰਨ ਵਿੱਚ ਅਸਮਰੱਥ ਮਰੀਜ਼ਾਂ ਨੂੰ ਉਹਨਾਂ ਦੇ ਘਰਾਂ ‘ਚ ਹੀ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਹ ਯੂਨਿਟ ਰੋਜ਼ਾਨਾ ਦੋ ਪਿੰਡਾਂ ਵਿੱਚ ਜਾਵੇਗੀ, ਜਿਸ ਦੌਰਾਨ ਪੇਂਡੂ ਖੇਤਰਾਂ ਦੇ ਵਸਨੀਕਾਂ ਤੱਕ ਡਾਕਟਰੀ ਸਿਹਤ ਸਹੂਲਤਾਂ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹਨਾਂ ਐਮਐਮਯੂ ਸਦਕਾ ਹੁਣ ਲੋਕਾਂ ਨੂੰ ਡਾਕਟਰੀ ਦੇਖਭਾਲ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਅਤੇ ਗੁਣਵੱਤਾ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਉਨ੍ਹਾਂ ਦੇ ਦਰਾਂ ਤੱਕ ਉਪਲਬਧ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।
ਸਿਹਤ ਮੰਤਰੀ ਨੇ ਦ ਹੰਸ ਫਾਊਂਡੇਸ਼ਨ ਅਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ (ਐਨਜੀਓਜ਼) ਦੀ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਅਤੇ ਸਮਾਜ ਵਿੱਚ ਉਨ੍ਹਾਂ ਦੇ ਅਨਮੋਲ ਯੋਗਦਾਨ ਲਈ ਉਹਨਾਂ ਦੀ “ਦੂਤ ਨਿਵੇਸ਼ਕ” ਵਜੋਂ ਸ਼ਲਾਘਾ ਵੀ ਕੀਤੀ।
ਜ਼ਿਕਰਯੋਗ ਹੈ ਕਿ ਇਸ ਵੇਲੇ ਪੰਜਾਬ ਭਰ ਵਿੱਚ 66 ਐਮਐਮਯੂਜ਼ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚ ਹੰਸ ਫਾਊਂਡੇਸ਼ਨ ਦੁਆਰਾ ਸਮਰਥਤ 51 ਐਮਐਮਯੂ, ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਅਧੀਨ 13 ਐਮਐਮਯੂ, ਆਈਸੀਆਈਸੀਆਈ ਬੈਂਕ ਦੁਆਰਾ ਸਪਾਂਸਰ 1 ਐਮਐਮਯੂ ਅਤੇ ਐਨਜੀਓ “ਡਾਕਟਰਜ਼ ਫਾਰ ਯੂ” ਵੱਲੋਂ ਚਲਾਇਆ ਜਾ ਰਿਹਾ 1 ਐਮਐਮਯੂ ਸ਼ਾਮਲ ਹੈ। ਦੱਸਣਯੋਗ ਹੈ ਕਿ ਅਪ੍ਰੈਲ 2024 ਤੋਂ ਜਨਵਰੀ 2025 ਤੱਕ, ਇਨ੍ਹਾਂ ਯੂਨਿਟਾਂ ਨੇ ਓਪੀਡੀ ਸੇਵਾਵਾਂ ਰਾਹੀਂ 4.40 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਹੈ ਅਤੇ 1.39 ਲੱਖ ਡਾਇਗਨੌਸਟਿਕ ਟੈਸਟ ਕੀਤੇ ਹਨ।
ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਨੂੰ ਉਜਾਗਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 2.86 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਕਲੀਨਿਕਾਂ ਤੋਂ ਲਾਭ ਉਠਾਇਆ ਹੈ, ਜਿਸ ਨਾਲ ਪੰਜਾਬ ਦੇ ਵਾਸੀਆਂ ਦੀ ਕੁੱਲ 1,500 ਕਰੋੜ ਰੁਪਏ ਤੋਂ ਵੱਧ ਦੀ ਬਚਤ ਹੋਈ ਹੈ।
ਇਸ ਮੌਕੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ, ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ ਦਿਹਾਤੀ ਅਮਿਤ ਰਤਨ ਕੋਟਫੱਤਾ, ਵਿਧਾਇਕ ਮਾਨਸਾ ਵਿਜੇ ਸਿੰਗਲਾ, ਪ੍ਰਿੰਸੀਪਲ ਸਕੱਤਰ ਸਿਹਤ ਕੁਮਾਰ ਰਾਹੁਲ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ, ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜਸਮਿੰਦਰ, ਸਹਾਇਕ ਡਾਇਰੈਕਟਰ ਡਾ. ਰਾਜੇਸ਼ ਭਾਸਕਰ ਅਤੇ ਦ ਹੰਸ ਫਾਊਂਡੇਸ਼ਨ ਦੇ ਨੁਮਾਇੰਦੇ ਵੀ ਸ਼ਾਮਲ ਹੋਏ।

Leave a Reply

Your email address will not be published. Required fields are marked *