ਮਾਲੇਰਕੋਟਲਾ 24 ਫਰਵਰੀ :
ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾ ਰਹੀ ਹੈ ।
ਵਧੀਕ ਡਿਪਟੀ ਕਮਿਸ਼ਨਰ ਨੇ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਦੇ ਹੋਏ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਅੱਗੇ ਆਉਣ ਤੇ ਜੋਰ ਦਿੰਦਿਆ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਨੇ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ ।
ਇਸ ਮੌਕੇ ਮੈਡੀਕਲ ਅਫ਼ਸਰ ਡਾ.ਅਸ਼ੋਕ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 06ਓਟ ਕਲੀਨਿਕ ਸਿਵਲ ਹਸਪਤਾਲ ਮਾਲੇਰਕੋਟਲਾ,ਲਾਲ ਬਜਾਰ, ਜਮਾਲਪੁਰਾ,ਕੁੱਪਕਲਾ,ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜਾਂ ਦਾ ਇਲਾਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਫ਼ਤ ਕੀਤਾ ਜਾਂਦਾ ਹੈ ਅਤੇ ਲੋੜਵੰਦ ਮਰੀਜ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕਰਵਾਈਆਂ ਜਾ ਰਹੀਂ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਾਰਵਾਈ ਸਬੰਧੀ ਉਨ੍ਹਾਂ ਨੂੰ ਮਹੀਨਾਵਾਰ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ।