ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

Jalandhar Politics Punjab

ਚੰਡੀਗੜ੍ਹ/ਜਲੰਧਰ, 7 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.), ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਨੌਸ਼ਹਿਰਾ ਕਲਾਂ ਦੇ ਰਹਿਣ ਵਾਲੇ ਜਗਰੂਪ ਸਿੰਘ; ਕਪੂਰਥਲਾ ਦੇ ਪਿੰਡ ਮਿਰਜ਼ਾਪੁਰ ਦੇ ਰਹਿਣ ਵਾਲੇ ਸੁਖਜੀਤ ਸਿੰਘ ਅਤੇ ਤਰਨਤਾਰਨ ਦੇ ਪਿੰਡ ਫਤਿਹਾਬਾਦ ਦੇ ਰਹਿਣ ਵਾਲੇ ਨਵਪ੍ਰੀਤ ਸਿੰਘ ਉਰਫ਼ ਨਵ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਪਿਸਤੌਲਾਂ-ਜਿਨ੍ਹਾਂ ਵਿਚੋਂ ਦੋ ਅਤਿ-ਆਧੁਨਿਕ ਪਿਸਤੌਲਾਂ – ਇੱਕ .30 ਬੋਰ ਪੀਐਕਸ5 ਸਟੌਰਮ (ਬਰੇਟਾ) ਅਤੇ 9 ਐਮਐਮ ਗਲੌਕ ਪਿਸਤੌਲ – ਅਤੇ ਦੋ ਦੇਸੀ ਪਿਸਤੌਲਾਂ – .30 ਬੋਰ ਅਤੇ .32 ਬੋਰ ਸਮੇਤ ਚਾਰ ਮੈਗਜ਼ੀਨ ਅਤੇ 22 ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਅਮਰੀਕਾ ਸਥਿਤ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਾਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ, ਜੋ ਕਿ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਕਰੀਬੀ ਸਾਥੀ ਹੈ ਅਤੇ ਉਸ ਦੀ   ਮਿਲੀਭੁਗਤ ਨਾਲ ਕੰਮ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੋਪੀ ਨਵਾਸ਼ਹਿਰੀਆ ਆਪਣੇ ਗ੍ਰੀਸ ਸਥਿਤ ਸਾਥੀ ਲਾਡੀ ਬਾਕਾਪੁਰੀਆ ਦੀ ਮਦਦ ਨਾਲ ਨੌਜਵਾਨਾਂ ਨੂੰ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਪ੍ਰੇਰਿਤ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ – ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਮੁਕੰਮਲ  ਖ਼ਾਤਮਾ ਕੀਤਾ ਜਾ ਸਕੇ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ. ਸੀ.ਆਈ. ਜਲੰਧਰ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਦੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ, ਸੀਆਈ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪ੍ਰੇਸ਼ਨ ਚਲਾਇਆ ਤੇ ਜਗਰੂਪ ਤੇ ਸੁਖਜੀਤ , ਜੋ ਜਲੰਧਰ ਦੇ ਸੂਰੀਆ ਐਨਕਲੇਵ ਵਿਖੇ ਅੰਡਰਬ੍ਰਿਜ ਨੇੜੇ ਇੱਕ ਆਲਟੋ ਕਾਰ ਵਿੱਚ ਆਪਣੇ ਦੂਜੇ ਸਾਥੀ ਦੀ ਉਡੀਕ ਕਰ ਰਹੇ ਸਨ ਨੂੰ, ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਜਗਰੂਪ ਵੱਲੋਂ ਮੁਲਜ਼ਮ ਨਵਪ੍ਰੀਤ ਦੀ ਸ਼ਮੂਲੀਅਤ ਬਾਰੇ ਕੀਤੇ ਗਏ ਖੁਲਾਸੇ ਤੋਂ ਬਾਅਦ, ਪੁਲਿਸ ਟੀਮਾਂ ਨੇ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਏਆਈਜੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਜਗਰੂਪ ਸਿੰਘ ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ ਅਤੇ ਇਸ ਤੋਂ ਪਹਿਲਾਂ ਉਸਨੂੰ ਅੰਮ੍ਰਿਤਸਰ ਵਿੱਚ ਇੱਕ ਕਤਲ ਕੇਸ ਵਿੱਚ ਤਿੰਨ ਸਾਲ  ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫ਼.ਆਈ.ਆਰ ਨੰਬਰ 11 ਮਿਤੀ 02.03.2025 ਨੂੰ ਬੀਐਨਐਸ ਦੀਆਂ ਧਾਰਾਵਾਂ 113(1) ਅਤੇ 113(3) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (1ਬੀ) (ਏ) ਤਹਿਤ ਕੇਸ ਦਰਜ ਕੀਤਾ ਗਿਆ ਹੈ।

Leave a Reply

Your email address will not be published. Required fields are marked *