ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Hoshiarpur Politics Punjab

ਹੁਸ਼ਿਆਰਪੁਰ, 11 ਮਾਰਚ :    

          ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਤਹਿਤ ਜ਼ਿਲ੍ਹੇ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। 

          ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।   

          ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।

          ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।

          ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਮਈ 2025 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *