ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਚੇਰੀ ਸਿੱਖਿਆ ਹਾਸਲ ਕਰਨ ਦਾ ਮਿਲਿਆ ਮੌਕਾ: ਵਿਦਿਆਰਥੀ

Hoshiarpur Politics Punjab

ਹੁਸ਼ਿਆਰਪੁਰ, 14 ਅਪ੍ਰੈਲ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਨ ਮੌਕੇ ਸਥਾਨਕ ਸਰਕਾਰੀ ਕਾਲਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਨ੍ਹਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

        ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਸੂਬੇ ਵਿਚ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੀਮ ਤਹਿਤ ਸਮੇਂ-ਸਮੇਂ ‘ਤੇ ਨਿਰਧਾਰਤ ਫੰਡ ਜਾਰੀ ਕੀਤੇ ਜਾ ਰਹੇ ਹਨ।

        ਪੰਡਿਟ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਦੀ ਵਿਦਿਆਰਥਣ ਮੰਗਲਾ ਕੌਰ, ਜੋ ਡੀ ਫਾਰਮੈਂਸੀ ਕਰ ਰਹੀ ਹੈ, ਨੇ ਸਟੇਜ ਰਾਹੀਂ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਉਨ੍ਹਾਂ ਲਈ ਬੇਹੱਦ ਲਾਹੇਬੰਦ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਉਸਦੇ ਪਿਤਾ ਜੀ ਦੇ ਦੇਹਾਂਤ ਉਪਰੰਤ ਆਪਣੀ ਉਚੇਰੀ ਸਿੱਖਿਆ ਬਰਕਰਾਰ ਰੱਖਣਾ ਉਸ ਲਈ ਵੱਡੀ ਚੁਣੌਤੀ ਸੀ ਜਿਸ ਦਾ ਹੱਲ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਰਾਹੀਂ ਹੋਇਆ ਅਤੇ ਉਹ ਆਪਣੀ ਪੜ੍ਹਾਈ ਮੁਕੰਮਲ ਕਰਨ ਦੇ ਨਜ਼ਦੀਕ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣਾ ਬਹੁਤ ਸੁਖਾਲਾ ਹੈ ਜਿਸ ਨਾਲ ਵਿਦਿਆਰਥੀ ਆਪਣੀ ਉਚੇਰੀ ਸਿੱਖਿਆ ਅਸਾਨੀ ਨਾਲ ਹਾਸਲ ਕਰ ਸਕਦੇ ਹਨ।

        ਸਰਕਾਰੀ ਕਾਲਜ ਵਿਖੇ ਐਮ.ਏ. ਮਿਊਜਿਕ ਦੀ ਵਿਦਿਆਰਥਣ ਸੰਦੀਪ ਕੌਰ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੇ ਉਸ ਦਾ ਸੰਗੀਤ ਦੀ ਸਿੱਖਿਆ ਦਾ ਸੁਪਨਾ ਸਾਕਾਰ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਆਰਥਿਕ ਪੱਖੋਂ ਘਰੇਲੂ ਹਾਲਾਤ ਬਹੁਤੇ ਸਾਜਗਾਰ ਨਾ ਹੋਣ ਦੀ ਸੂਰਤ ਵਿਚ ਉਸ ਨੂੰ ਉਚੇਰੀ ਸਿੱਖਿਆ ਹਾਸਲ ਕਰਨਾ ਮੁਸ਼ਕਿਲ ਜਾਪ ਰਿਹਾ ਸੀ ਪਰ ਅਧਿਆਪਕਾਂ ਦੀ ਅਗਵਾਈ ਅਤੇ ਸਕਾਲਰਸ਼ਿਪ ਸਕੀਮ ਨੇ ਉਸ ਦੀ ਮੁਸ਼ਕਿਲ ਨੂੰ ਆਸਾਨ ਕਰ ਦਿੱਤਾ।

        ਸਰਕਾਰੀ ਆਈ.ਟੀ.ਆਈ. ਦੇ ਵਿਦਿਆਰਥੀ ਰਿਤਿਕ ਤੱਥੀ ਨੇ ਦੱਸਿਆ ਕਿ ਉਸ ਦੇ ਪਿਤਾ ਜੀ ਸਾਧਾਰਨ ਕੰਮਕਾਜ ਕਰਦੇ ਹਨ ਅਤੇ ਉਚੇਰੀ ਸਿੱਖਿਆ ਹਾਸਲ ਕਰਨਾ ਉਸ ਨੂੰ ਵੱਸੋਂ ਬਾਹਰ ਵਾਲੀ ਗੱਲ ਲਗਦੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦਾ ਲਾਭ ਲੈਂਦਿਆਂ ਆਪਣੀ ਆਈ.ਟੀ.ਆਈ. ਦੀ ਸਿਖਲਾਈ ਹਾਸਲ ਕਰਨੀ ਸ਼ੁਰੂ ਕੀਤੀ ਅਤੇ ਉਹ ਹੁਣ ਆਪਣਾ ਕੋਰਸ ਮੁਕੰਮਲ ਕਰਨ ਵਾਲੇ ਹਨ। ਤਿੰਨਾਂ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਮੇਂ-ਸਮੇਂ ਸਿਰ ਫੀਸਾਂ ਜਾਰੀ ਕਰਕੇ ਉਨ੍ਹਾਂ ਦੀ ਪੜ੍ਹਾਈ ਦਾ ਸੁਪਨਾ ਸਾਕਾਰ ਕੀਤਾ ਹੈ ਜਿਸ ਲਈ ਸਰਕਾਰ ਵਧਾਈ ਦੀ ਪਾਤਰ ਹੈ।

        ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਨੋਡਲ ਅਧਿਕਾਰੀ ਪ੍ਰੋ: ਹਰਜਿੰਦਰ ਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਕੀਮ ਲੋੜਵੰਦ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੀਮ ਨੂੰ ਜ਼ਮੀਨੀ ਪੱਧਰ ਤੱਕ ਪ੍ਰਚਾਰਨ ਲਈ ਸਮੇਂ-ਸਮੇਂ ‘ਤੇ ਵਿਦਿਅਕ ਅਦਾਰਿਆਂ ਵਿਚ ਕੈਂਪ, ਸੈਮੀਨਾਰ ਆਦਿ ਤੋਂ ਇਲਾਵਾ ਨੋਟਿਸ ਬੋਰਡਾਂ ਰਾਹੀਂ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਦਾ ਯੋਗ ਵਿਦਿਆਰਥੀਆਂ ਨੂੰ ਲਾਭ ਲੈਣਾ ਚਾਹੀਦਾ ਹੈ।  

Leave a Reply

Your email address will not be published. Required fields are marked *