ਚੰਡੀਗੜ੍ਹ/ਫਾਜ਼ਿਲਕਾ, 4 ਮਈ:
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਪਾਣੀ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਣੀਆਂ ਦੇ ਮਸਲੇ ‘ਤੇ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ ਅਤੇ ਸਾਫ਼ ਹੈ ਕਿ ਪੰਜਾਬ ਆਪਣਾ ਹੱਕ ਨਹੀਂ ਛੱਡੇਗਾ। ਹਰਿਆਣਾ ਆਪਣੇ ਹਿੱਸੇ ਤੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ। ਪੰਜਾਬ ਕੇਂਦਰ ਜਾਂ ਹਰਿਆਣਾ ਦੇ ਦਬਾਅ ਅੱਗੇ ਨਹੀਂ ਝੁਕੇਗਾ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਤੈਅ ਨਿਯਮਾਂ ਅਨੁਸਾਰ ਬੁਲਾਈ ਗਈ ਮੀਟਿੰਗ ਵਿੱਚ ਤਾਂ ਪੰਜਾਬ ਭਾਗ ਲਵੇਗਾ ਪਰ ਕੇਂਦਰ ਦੀ ਸ਼ਹਿ ‘ਤੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਬੁਲਾਈ ਕਿਸੇ ਮੀਟਿੰਗ ਵਿੱਚ ਸ਼ਿਰਕਤ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀਆਂ ਦੇ ਮਸਲੇ ‘ਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾਇਆ ਗਿਆ ਹੈ ਜਿਸ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੱਕੀ ਰਣਨੀਤੀ ਉਲੀਕੀ ਜਾਵੇਗੀ।
ਇਸ ਦੌਰਾਨ ਫਿਰੋਜਪੁਰ ਫੀਡਰ ਨਹਿਰ ਦਾ 647.43 ਕਰੋੜ ਰੁਪਏ ਦਾ ਪ੍ਰਾਜੈਕਟ ਪ੍ਰਵਾਨ ਹੋਣ ‘ਤੇ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਮੂੰਹ ਮਿੱਠਾ ਕਰਵਾਇਆ। ਕਿਸਾਨਾਂ ਨੇ ਇਸ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਿਸ ਦੇ ਯਤਨਾਂ ਨਾਲ ਇਹ ਨਹਿਰ ਦਾ ਪ੍ਰਾਜੈਕਟ ਪ੍ਰਵਾਨ ਹੋਇਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਫਿਰੋਜ਼ਪੁਰ ਫੀਡਰ ਦੀ ਸਮਰੱਥਾ ਵਾਧੇ ਅਤੇ ਨਵੀਂ ਬਣਨ ਤੋਂ ਬਾਅਦ ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੇ ਕਿਸਾਨਾਂ ਨੂੰ ਜਿੱਥੇ ਪੂਰਾ ਨਹਿਰੀ ਪਾਣੀ ਮਿਲੇਗਾ, ਉੱਥੇ ਹੀ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਪਾਕਿਸਤਾਨ ਦੇ ਕਸੂਰ ਨਾਲੇ ਤੋਂ ਆਉਣ ਵਾਲੇ ਕਾਲੇ ਪਾਣੀ ਤੋਂ ਵੀ ਮੁਕਤੀ ਮਿਲੇਗੀ।
ਕੈਬਨਿਟ ਮੰਤਰੀ ਨਾਲ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਹਾਜ਼ਰ ਸਨ।
———–