ਗੁਰਦਾਸਪੁਰ, 10 ਮਈ ( ) – ਭਾਰਤ-ਪਾਕਿ ਸਰਹੱਦ ‘ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਤਰਾਂ ਦੀ ਮਦਦ ਦਾ ਭਰੋਸਾ ਦਿੱਤਾ।
ਸਰਹੱਦੀ ਖੇਤਰ ਦੇ ਲੋਕਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਸਾਨੂੰ ਸਾਡੀ ਭਾਰਤੀ ਫ਼ੌਜ ਅਤੇ ਆਪਣੇ ਵੀਰ ਜਵਾਨਾਂ `ਤੇ ਮਾਣ ਹੈ। ਉਨ੍ਹਾਂ ਕਿਹਾ ਕਿ 140 ਕਰੋੜ ਦੇਸ਼ ਵਾਸੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਬਹਾਦਰ ਲੋਕ ਹਮੇਸ਼ਾਂ ਹੀ ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਦੇਸ਼ ਦੀ ਫ਼ੌਜ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਯੁੱਧ ਦੀ ਸਥਿਤੀ ਮੌਕੇ ਵੀ ਸਰਹੱਦੀ ਖੇਤਰ ਦੇ ਵਾਸੀਆਂ ਦੇ ਜਜ਼ਬੇ ਨੂੰ ਸਲਾਮ ਹੈ ਜੋ ਭਾਰਤੀ ਫ਼ੌਜ ਦਾ ਸਾਥ ਦੇਣ ਲਈ ਹਮੇਸ਼ਾਂ ਦੀ ਵਾਂਗ ਤਿਆਰ ਬਰ ਤਿਆਰ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਆਪਣੀਆਂ ਨਾ-ਪਾਕ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਪਾਕਿਸਤਾਨ ਬਾਜ਼ ਨਾ ਆਇਆ ਤਾਂ ਭਾਰਤ ਵੱਲੋਂ ਇਸ ਦਾ ਮੂੰਹ ਤੋੜ ਜੁਆਬ ਦਿੱਤਾ ਜਾਵੇਗਾ।
ਸਰਹੱਦੀ ਪਿੰਡਾਂ ਦੇ ਲੋਕਾਂ ਨਾਲ ਗੱਲ ਕਰਦੇ ਹੋਏ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਤਣਾਅਪੂਰਨ ਸਥਿਤੀ ਵਿੱਚ ਸਰਹੱਦੀ ਖੇਤਰ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ ਇਸ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਪਣੀ ਕੈਬਨਿਟ ਦੇ ਸਾਥੀ ਮੰਤਰੀਆਂ ਦੀ ਡਿਊਟੀ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਮੰਤਰੀ ਸਾਹਿਬਾਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਜ਼ਰੂਰੀ ਵਸਤਾਂ ਦੀ ਉਪਲਬਧਤਾ ਹੋਣ ਦੇ ਨਾਲ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਲ ਨਾ ਆਵੇ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਹ ਆਪਣੇ ਲੋਕਾਂ ਦੇ ਹਮੇਸ਼ਾਂ ਨਾਲ ਹਨ ਅਤੇ ਕਿਸੇ ਵੀ ਤਰਾਂ ਦੀ ਲੋੜ ਪੈਣ ‘ਤੇ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।