ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਦੀ ਚੁਕਾਈ ਸਹੁੰ

Politics Punjab

ਗੁਰਦਾਸਪੁਰ, 02 ਜੂਨ (           ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸੇ ਮੁਹਿੰਮ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ।

ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਿਧਵਾਂ ਜਮੀਤਾਂ, ਖੋਖਰ, ਪੂਰੋਵਾਲ ਰਾਜਪੂਤਾਂ, ਨਵਾਂ ਪਿੰਡ ਗੁਰਦਾਸ ਨੰਗਲ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨੀ ਅੱਜ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਲੜੀ ਜਾ ਰਹੀ ਜੰਗ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਵਾਲਿਆਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਣ ਵੀ ਦਿਵਾਇਆ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਅਕਸਰ ਹੀ ਗ਼ਲਤ ਜਾਣਕਾਰੀ ਅਤੇ ਕੁਝ ਪਲਾਂ ਦੇ ਸਕੂਨ ਕਾਰਨ ਨੌਜਵਾਨ ਇਸ ਗ਼ਲਤ ਰਾਹ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਪਿੰਡ ਪੱਧਰ ‘ਤੇ ਡਿਫੈਂਸ ਕਮੇਟੀਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਯਤਨਸ਼ੀਲ ਹੈ।

ਇਸ ਮੌਕੇ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਸੁੱਚਾ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ ਬੱਬਰੀ, ਰਾਕੇਸ਼ ਸ਼ਰਮਾ, ਸਰਪੰਚ ਗੁਰਜੀਵ ਸਿੰਘ ਟਿੰਕੂ, ਆਪ ਯੂਥ ਕੋਆਰਡੀਨੇਟਰ ਤਲਵਿੰਦਰ ਸਿੰਘ, ਸਰਪੰਚ ਗੁਰਦੇਵ ਸਿੰਘ ਸਿਧਵਾਂ ਜਮੀਤਾਂ, ਸਰਪੰਚ ਹਰਜੰਤ ਸਿੰਘ ਖੋਖਰ, ਸਰਪੰਚ ਰੌਸ਼ਨ ਲਾਲ ਪੂਰੋਵਾਲ ਰਾਜਪੂਤਾਂ, ਸਰਪੰਚ  ਹਰਜਿੰਦਰ ਕੌਰ ਨਵਾਂ ਪਿੰਡ ਗੁਰਦਾਸ ਨੰਗਲ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

Leave a Reply

Your email address will not be published. Required fields are marked *