ਮੋਗਾ, 27 ਜੂਨ,

          ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਸਮਾਗਮ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਨੇ ਕੀਤੀ।

          ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਕਰਨ ਵਾਲੇ ਬਿਮਾਰ ਵਿਅਕਤੀ ਨਾਲ ਵਿਤਕਰਾ ਜਾਂ ਘਿਰਣਾ ਨਹੀਂ ਕਰਨੀ ਚਾਹੀਦੀ ਸਗੋਂ ਉਸਦਾ ਸਹਿਯੋਗ ਕਰਕੇ ਉਸਨੂੰ ਹੌਂਸਲੇ ਨਾਲ, ਉਤਸ਼ਾਹਿਤ ਕਰਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਉਣ ਲਈ ਮਦਦ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਚੱਲ ਰਹੇ ਸਰਕਾਰੀ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰਾਂ ਨੂੰ ਸਫ਼ਲਤਾ-ਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਹੋਰ ਮਜਬੂਤੀ ਲਈ ਵੀ ਯਤਨ ਜਾਰੀ ਹਨ। ਇਨ੍ਹਾਂ ਕੇਂਦਰਾ ਵਿਚ ਮੁਫਤ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ। ਪੰਜਾਬ ਸਰਕਾਰ ਵਲੋਂ ਸੰਕਲਪ ਯੋਜਨਾ ਤਹਿਤ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਵਿਖੇ ਦਾਖਲ ਇੱਛੁਕ ਮਰੀਜ਼ਾਂ ਨੂੰ ਕਿੱਤਾ ਮੁਖੀ ਕੋਰਸ ਵੀ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਸਿਹਤਮੰਦ ਹੋ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ ਅਤੇ ਖੁਸ਼ਹਾਲ ਜਿੰਦਗੀ ਬਤੀਤ ਕਰਨ।

          ਸਹਾਇਕ ਕਮਿਸ਼ਨਰ (ਜ) ਮੋਗਾ ਸ਼੍ਰੀ ਹਿਤੇਸ਼ਵੀਰ ਗੁਪਤਾ  ਨੇ  ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਾਰਿਆਂ ਨੂੰ ਨਸ਼ਾ ਵਿਰੋਧੀ ਸਹੁੰ ਚੁਕਵਾਈ ਅਤੇ ਇਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨਸ਼ਿਆਂ ਦਾ ਸਫਾਇਆ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਦਾ ਸਮਾਜ ਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਹੁੰਦਾ ਹੈ। ਇਸ ਲਈ ਸਾਨੂੰ ਨੌਜਵਾਨਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ ਕਿ ਉਹ ਨਸ਼ਿਆਂ ਵੱਲ ਧਿਆਨ ਨਾ ਦੇ ਕੇ ਖੇਡਾਂ ਅਤੇ ਪੜ੍ਹਾਈ ਵੱਲ ਦਿਲਚਸਪੀ ਦਿਖਾਉਣ ਅਤੇ ਆਪਣਾ ਭਵਿੱਖ ਰੁਸ਼ਨਾਉਣ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਵਿਅਕਤੀ ਨਸ਼ਿਆਂ ਦਾ ਆਦੀ ਹੋ ਚੁੱਕਾ ਹੈ ਤਾਂ ਉਸਨੂੰ ਸਮਝਾ ਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਉਸਦਾ ਇਲਾਜ ਕਰਵਾਉਣਾ ਚਾਹੀਦਾ ਹੈ।

          ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।

          ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋਂ ਸਮੂਹ ਹਾਜਰੀਨ ਨੂੰ ਸਹੁੰ ਚੁੱਕਵਾਈ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਿੱਥੇ ਅਸੀਂ ਖੁਦ ਨਸ਼ਿਆਂ ਦੀ ਮਾੜੀ ਅਲਾਮਤ ਤੋਂ ਦੂਰ ਰਹਾਂਗੇ, ਉਥੇ ਹੀ ਇਸ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਇੱਕਠੇ ਹੋ ਕੇ ਸਮਾਜ, ਪਰਿਵਾਰ ਅਤੇ ਦੋਸਤਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਾਂਗੇ। ਇਸ ਤੋਂ ਇਲਾਵਾ ਦੇਸ਼ ਨੂੰ ਨਸ਼ਾ-ਮੁਕਤ ਕਰਨ ਲਈ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਯਤਨ ਕਰਾਂਗੇ। ਉਹਨਾਂ ਕਿਹਾ ਕਿ ਸਮੂਹ ਆਂਗਣਵਾੜੀ ਵਰਕਰ ਆਦਿ ਇਸ ਮਿਸ਼ਨ ਵਿੱਚ ਯੋਧੇ ਬਣਕੇ ਕੰਮ ਕਰ ਰਹੇ ਹਨ।

                ਇਸ ਮੌਕੇ ਹੋਰਨਾਂ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਦੀਪ ਦਾਰਾਪੁਰ, ਡੀ.ਸੀ.ਪੀ.ੳ.ਪਰਮਜੀਤ ਕੌਰ ਤੇ ਅੰਜੂ ਸਿੰਗਲਾ ਆਦਿ ਹਾਜਰ ਸਨ।