ਮਾਲੇਰਕੋਟਲਾ, 28 ਜੂਨ:          ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦੀ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਦੇ 400 ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਯੋਗ ਵੋਟਰਾਂ ਤੱਕ ਪਹੁੰਚ ਕਰ ਰਹੇ ਹਨ।

          ਇਸੇ ਲੜੀ ਤਹਿਤ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ.) ਅਤੇ ਹੋਰ ਚੋਣ ਅਧਿਕਾਰੀਆਂ ਵੱਲੋਂ ਵੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਵਾਰਡਾਂ ਅਤੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਅਧਿਕਾਰੀਆਂ ਨੇ ਵੋਟਰਾਂ ਨੂੰ ਗਣਨਾ ਫਾਰਮ ਸੌਂਪੇ, ਉਨ੍ਹਾਂ ਨੂੰ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

          ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਵਿੱਚ ਹੁਣ ਤੱਕ 78.33 ਫ਼ੀਸਦੀ ਗਣਨਾ ਫਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 106-ਅਮਰਗੜ੍ਹ ਵਿੱਚ ਸਭ ਤੋਂ ਵੱਧ 80.73 ਫ਼ੀਸਦੀ ਗਣਨਾ ਫਾਰਮ ਵੰਡੇ ਗਏ ਹਨ, ਜਦਕਿ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਵਿੱਚ 75.85 ਫ਼ੀਸਦੀ ਗਣਨਾ ਫਾਰਮਾਂ ਦੀ ਵੰਡ ਹੋ ਚੁੱਕੀ ਹੈ।

           ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ 24 ਜੁਲਾਈ 2026 ਤੱਕ ਜਾਰੀ ਰਹੇਗੀ। ਇਸ ਦੌਰਾਨ ਬੀ.ਐੱਲ.ਓ. ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਗਣਨਾ ਫਾਰਮ ਉਪਲਬਧ ਕਰਵਾ ਰਹੇ ਹਨ ਅਤੇ ਲੋੜ ਪੈਣ ‘ਤੇ ਉਨ੍ਹਾਂ ਨੂੰ ਫਾਰਮ ਭਰਨ ਵਿੱਚ ਵੀ ਸਹਾਇਤਾ ਪ੍ਰਦਾਨ ਕਰ ਰਹੇ ਹਨ। ਇਸ ਪ੍ਰਕਿਰਿਆ ਤਹਿਤ ਪ੍ਰਾਪਤ ਗਣਨਾ ਫਾਰਮਾਂ ਦੇ ਆਧਾਰ ‘ਤੇ 3 ਅਗਸਤ 2026 ਨੂੰ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਬੂਥ ਲੈਵਲ ਏਜੰਟ (ਬੀ.ਐੱਲ.ਏ.) ਵੀ ਨਿਯੁਕਤ ਕੀਤੇ ਗਏ ਹਨ, ਜੋ ਬੀ.ਐੱਲ.ਓਜ਼ ਨਾਲ ਤਾਲਮੇਲ ਕਰਦਿਆਂ ਇਹ ਯਕੀਨੀ ਬਣਾਉਣ ਵਿੱਚ ਸਹਿਯੋਗ ਦੇ ਰਹੇ ਹਨ ਕਿ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਦਾ ਇੱਕ ਮਹੱਤਵਪੂਰਨ ਮੌਕਾ ਸਮਝਦਿਆਂ ਆਪਣੇ ਖੇਤਰ ਦੇ ਬੀ.ਐੱਲ.ਓ. ਨਾਲ ਤੁਰੰਤ ਸੰਪਰਕ ਕਰਨ, ਗਣਨਾ ਫਾਰਮ ਸਮੇਂ ਸਿਰ ਭਰਨ ਅਤੇ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਹਰ ਯੋਗ ਨਾਗਰਿਕ ਦੀ ਵੋਟ ਬਣਨਾ ਅਤੇ ਵੋਟਰ ਸੂਚੀ ਦਾ ਸਹੀ, ਪਾਰਦਰਸ਼ੀ ਅਤੇ ਅੱਪਡੇਟ ਹੋਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਯੋਗ ਬਾਲਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਵੇ, ਕਿਸੇ ਵੀ ਯੋਗ ਵੋਟਰ ਦਾ ਨਾਮ ਬਿਨਾਂ ਕਿਸੇ ਵਾਜਬ ਕਾਰਨ ਦੇ ਨਾ ਕੱਟਿਆ ਜਾਵੇ ਅਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋ ਸਕੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ।