ਸ਼੍ਰੀ ਅਨੰਦਪੁਰ ਸਾਹਿਬ 11 ਜੁਲਾਈ: ਗੰਭੀਰਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ, ਸ਼ਰਧਾਲੂ, ਪੰਚਾਇਤ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ। ਰਵਾਨਗੀ ਤੋਂ ਪਹਿਲਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਆਨੰਦਮਈ ਯਾਤਰਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦੀ ਇੱਕ ਲੋਕ-ਭਲਾਈ ਯੋਜਨਾ ਹੈ, ਜਿਸ ਦਾ ਉਦੇਸ਼ ਸੂਬੇ ਦੇ ਸ਼ਰਧਾਲੂਆਂ ਨੂੰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।

        ਸ੍ਰ. ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਅਜਿਹੇ ਬਜ਼ੁਰਗ ਅਤੇ ਲੋੜਵੰਦ ਲੋਕ ਹਨ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਤੀਰਥ ਯਾਤਰਾ ਨਹੀਂ ਕਰ ਸਕਦੇ। ਇਸ ਯੋਜਨਾ ਰਾਹੀਂ ਉਨ੍ਹਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜਿਕ ਅਤੇ ਧਾਰਮਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ।

      ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕ-ਹਿੱਤ ਦੀਆਂ ਅਨੇਕਾਂ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਉਨ੍ਹਾਂ ਵਿੱਚੋਂ ਇੱਕ ਮਹੱਤਵਪੂਰਨ ਯੋਜਨਾ ਹੈ, ਜਿਸ ਨੂੰ ਸੂਬੇ ਭਰ ਵਿੱਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਵਾਜਾਈ ਸਮੇਤ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਉਹ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਯਾਤਰਾ ਪੂਰੀ ਕਰ ਸਕਣ।

      ਇਸ ਮੌਕੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਫ਼ਤ ਅਤੇ ਸੁਚੱਜੇ ਢੰਗ ਨਾਲ ਕੀਤੇ ਗਏ ਇਸ ਪ੍ਰਬੰਧ ਕਾਰਨ ਆਮ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸ਼ਰਧਾਲੂਆਂ ਨੇ ਕਿਹਾ ਕਿ ਅਜਿਹੀਆਂ ਲੋਕ-ਭਲਾਈ ਸਕੀਮਾਂ ਸਮਾਜ ਦੇ ਹਰ ਵਰਗ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ।

         ਬੱਸ ਰਵਾਨਾ ਕਰਨ ਮੌਕੇ ਮਾਹੌਲ ਧਾਰਮਿਕ ਜੈਕਾਰਿਆਂ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ। ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਨੇ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸੁਰੱਖਿਅਤ ਯਾਤਰਾ ਕਰਨ ਅਤੇ ਵਾਪਸੀ ਉਪਰੰਤ ਆਪਣੇ ਅਨੁਭਵ ਹੋਰਨਾਂ ਨਾਲ ਸਾਂਝੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੀ ਰਹੇਗੀ ਅਤੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਆਪਣੇ ਗੁਰੂ ਘਰਾਂ ਅਤੇ ਹੋਰ ਪਵਿੱਤਰ ਧਾਰਮਿਕ  ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਰਹੇਗਾ।

   ਇਸ ਮੌਕੇ ਬਲਵਿੰਦਰ ਕੌਰ ਬੈਂਸ,ਨੰਬਰਦਾਰ ਰਾਮ ਕੁਮਾਰ ਕਾਲੀਆ, ਸਰਪੰਚ ਐਡਵੋਕੇਟ ਮੀਨਾ ਕਾਲੀਆ, ਮਨਜੀਤ ਕੌਰ ਕਾਲਾ, ਹਰੀਸ਼ ਕਾਲੀਆ, ਗੁਰਮੇਲ ਸਿੰਘ, ਸੋਢੀ ਰਾਮ, ਬਾਵਾ ਰਾਜ ਤੇ ਸੁਰਿੰਦਰ ਕੁਮਾਰ ਹਾਜ਼ਰ ਸਨ ।