ਚੰਡੀਗੜ੍ਹ, 30 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਬਾਗ਼ਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਭਾਗ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਵਿਭਾਗ ਵਿੱਚ ਲੋੜੀਂਦਾ ਸਟਾਫ਼ ਉਪਲਬਧ ਹੋਣ ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ ਅਤੇ ਬਾਗ਼ਬਾਨਾਂ ਨੂੰ ਸਮੇਂ ਸਿਰ ਬਿਹਤਰ ਸੇਵਾਵਾਂ ਮਿਲਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਮੀਟਿੰਗ ਦੌਰਾਨ ਸਕੱਤਰ ਬਾਗ਼ਬਾਨੀ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗ਼ਬਾਨੀ ਸ੍ਰੀ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਵਿਕਾਸ ਕਾਰਜਾਂ ਅਤੇ ਹੋਰ ਅਹਿਮ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ‘ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਬਾਗ਼ਬਾਨੀ ਖੇਤਰ ਨਾਲ ਜੋੜਨ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ਰੱਖਿਆ ਜਾਵੇ।
