ਫ਼ਰੀਦਕੋਟ, 30 ਜੁਲਾਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚਹਿਲ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਕੇ ਇਸ ਨੂੰ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ, ਮੁਫ਼ਤ ਜਾਂਚਾਂ, ਲੋੜੀਂਦੀਆਂ ਦਵਾਈਆਂ ਅਤੇ ਡਾਕਟਰੀ ਸਲਾਹ ਮਿਲ ਰਹੀ ਹੈ, ਜਿਸ ਨਾਲ ਆਮ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਚਹਿਲ ਵਿੱਚ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਵੱਡਾ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 107 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। 42 ਤੋਂ ਵੱਧ ਟੈਸਟ ਬਿਲਕੁਲ ਮੁਫਤ ਕੀਤੇ ਜਾਣਗੇ ਅਤੇ 48 ਘੰਟੇ ਦੇ ਵਿੱਚ ਵਿੱਚ ਰਿਪੋਰਟ ਆ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਅਤੇ ਬਿਹਤਰ ਸਹੂਲਤਾਂ ਮਿਲ ਸਕਣ।
ਇਸ ਮੌਕੇ ਗੈਰੀ ਵੜਿੰਗ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ, ਮਨਦੀਪ ਮੋਂਗਾ ਸੈਕਟਰੀ ਰੈਡ ਕਰਾਸ,ਡਾ ਯੁਵਰਾਜ ਸਿੰਘ,ਕਾਜਲ ਮੋਂਗਾ, ਰਾਣੀ, ਹਰਪ੍ਰੀਤ ਸਿੰਘ, ਸਰਪੰਚ ਸੁਖਦੇਵ ਸਿੰਘ ਅਤੇ ਮੈਂਬਰ ਅੰਗਰੇਜ਼ ਸਿੰਘ ਅਤੇ ਜਗਸੀਰ ਸਿੰਘ, ਸਿਹਤ ਵਿਭਾਗ ਦੇ ਅਧਿਕਾਰੀ, ਪਿੰਡ ਦੀ ਪੰਚਾਇਤ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
