ਹੁਸ਼ਿਆਰਪੁਰ, 23 ਸਤੰਬਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਨੇ ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕਰਦਿਆਂ ਨਿਯਮਾਂ ਦੀ ਉਲ਼ੰਘਣਾਂ ਕਰਨ ਵਾਲੀਆਂ ਬੱਸਾਂ ਦੇ ਚਾਲਾਨ ਕੀਤੇ ਗਏ।
ਚੈਕਿੰਗ ਦੌਰਾਨ ਆਰ.ਟੀ. ਓ. ਅਮਨਦੀਪ ਕੌਰ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਅੱਜ ਵਿਸ਼ੇਸ਼ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐਸ., ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ 4 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।
ਆਰ.ਟੀ.ਓ. ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤਯੋਗ ਨਹੀਂ ਅਤੇ ਸਕੂਲ ਵਾਹਨਾਂ ਲਈ ਨਿਰਧਾਰਤ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੇਫ ਸਕੂਲ ਵਾਹਨ ਨੀਤੀ ਤਹਿਤ ਅਜਿਹੀਆਂ ਵਿਸ਼ੇਸ਼ ਜਾਂਚ ਮੁਹਿੰਮਾਂ ਭਵਿੱਖ ਵਿੱਚ ਵੀ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ। ਨਿਯਮਾਂ ਦੀ ਅਣਦੇਖੀ ਕਰਨ ਵਾਲੇ ਵਾਹਨ ਚਾਲਕਾਂ/ਸੰਚਾਲਕਾਂ ਵਿਰੁੱਧ ਮੋਟਰ ਵਾਹਨ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
