ਚੰਡੀਗੜ੍ਹ, 12 ਅਕਤੂਬਰ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਤੰਬਰ ਮਹੀਨੇ ਵਿੱਚ 6 ਵੱਖ-ਵੱਖ ਕੇਸਾਂ ਦੌਰਾਨ 6 ਸਰਕਾਰੀ ਅਧਿਕਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਜਨਤਕ ਸੇਵਕਾਂ ਅਤੇ ਹੋਰਨਾਂ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਦੇ 23 ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 8 ਮੁਲਜ਼ਮਾਂ ਜਿਨ੍ਹਾਂ ਵਿੱਚ 7 ਸਰਕਾਰੀ ਕਰਮਚਾਰੀ ਸ਼ਾਮਲ ਹਨ, ਵਿਰੁੱਧ 4 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ। ਇੱਕ ਸਰਕਾਰੀ ਕਰਮਚਾਰੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ ਚਾਰ ਮਾਮਲਿਆਂ ਬਾਰੇ ਵੱਖ-ਵੱਖ ਅਦਾਲਤਾਂ ਵੱਲੋਂ ਫੈਸਲੇ ਸੁਣਾਏ ਗਏ ਹਨ, ਜਿਨ੍ਹਾਂ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ 2 ਤੋਂ 5 ਸਾਲ ਦੀ ਕੈਦ ਅਤੇ 5,000 ਰੁਪਏ ਤੋਂ 25,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।