ਸ੍ਰੀ ਚਮਕੌਰ ਸਾਹਿਬ, 17 ਅਕਤੂਬਰ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਸੰਧੂਆਂ ਵਿਖੇ ਸਥਿਤ ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਕਰਵਾਏ ਗਏ 28ਵੇਂ ਖੇਤਰੀ ਪੱਧਰੀ ਯੁਵਾ ਸੰਸਦ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਸੰਸਦ ਦੇ ਸੈਸ਼ਨ ਦੀ ਕਾਰਵਾਈ ਚਲਾ ਕੇ ਸੰਸਦੀ ਪ੍ਰਣਾਲੀ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵਿਚਾਰ-ਵਟਾਂਦਰੇ ਦੀ ਪ੍ਰਕਿਰਿਆ ਦਾ ਅਭਿਆਸ ਕੀਤਾ।
ਇਸ ਮੌਕੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਯੁਵਾ ਸੰਸਦ ਵਰਗੇ ਪ੍ਰੋਗਰਾਮ ਨੌਜਵਾਨਾਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਜ਼ਿੰਮੇਵਾਰੀਆਂ ਅਤੇ ਦੇਸ਼ ਦੀ ਸੰਸਦੀ ਪ੍ਰਣਾਲੀ ਪ੍ਰਤੀ ਸਮਝ ਵਿਕਸਿਤ ਕਰਨ ਲਈ ਅਹਿਮ ਮੰਚ ਹਨ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਦੇ ਮੋਢਿਆਂ ‘ਤੇ ਹੈ ਅਤੇ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਸਮਾਜਿਕ ਤੇ ਰਾਸ਼ਟਰੀ ਮਸਲਿਆਂ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਤਰਕਪੂਰਨ ਸੋਚ, ਸੰਵਾਦ ਦੀ ਭਾਵਨਾ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਗੁਣਾਂ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਦੇਸ਼ ਦੀ ਤਰੱਕੀ ਤੇ ਸਮਾਜ ਦੀ ਬਿਹਤਰੀ ਵਿੱਚ ਸਰਗਰਮ ਯੋਗਦਾਨ ਪਾਉਣ।
ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸੰਸਦੀ ਕਾਰਵਾਈ ਵਿੱਚ ਹਿੱਸਾ ਲੈਂਦਿਆਂ ਸਦਨ ਦੀ ਕਾਰਜਪ੍ਰਣਾਲੀ ਨੂੰ ਸਮਝਣ ਅਤੇ ਲੋਕਤੰਤਰੀ ਢੰਗ ਨਾਲ ਆਪਣੇ ਵਿਚਾਰ ਪ੍ਰਗਟਾਉਣ ਦਾ ਵਿਹਾਰਕ ਤਜਰਬਾ ਹਾਸਲ ਕੀਤਾ। ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਦੇਸ਼ ਦੀ ਸੰਸਦੀ ਪ੍ਰਣਾਲੀ, ਲੋਕਤੰਤਰ ਦੀ ਮਹੱਤਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਪ੍ਰਤੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਇਸ ਮੌਕੇ ਐਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਸ. ਪ੍ਰਦੀਪ ਸਿੰਘ ਬੈਂਸ, ਚੇਅਰਮੈਨ ਸ. ਸੁਖਜਿੰਦਰ ਸਿੰਘ ਸੋਹੀ, ਸਰਪੰਚ ਸ. ਹਰਿੰਦਰ ਜਟਾਣਾ, ਸਰਪੰਚ ਸ. ਹਰਮਨ ਸਿੰਘ, ਸ. ਭੁਪਿੰਦਰ ਸਿੰਘ ਜੋਗਾ, ਨਗਰ ਕੌਂਸਲ ਪ੍ਰਧਾਨ ਵਿਸ਼ਾਲ ਜੀ, ਸ. ਸਤਨਾਮ ਸਿੰਘ, ਸ. ਭੁਪਿੰਦਰ ਸਿੰਘ ਭੂਰਾ, ਸ. ਅਰਸ਼ ਭੁਰਡੇ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।ਲ
