ਨੰਗਲ 15 ਨਵੰਬਰ: ਜਨਗਣਨਾ 2027 ਦੇ ਦੂਜੇ ਪੜਾਅ ਦੀ ਪ੍ਰਕਿਰਿਆ ਪੰਜਾਬ ਵਿੱਚ ਸ਼ੁਰੂ ਹੋਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਾਂਸ਼ ਰਾਠੀ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਦੱਸਿਆ ਕਿ ਇਸ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ, 2026 ਤੱਕ ਚੱਲੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਸ ਰਾਸ਼ਟਰੀ ਕਾਰਜ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਨਾਗਰਿਕ ਸਵੈ-ਗਣਨਾ ਲਈ ਸਰਕਾਰੀ ਵੈੱਬਸਾਈਟ se.census.gov.in ‘ਤੇ ਜਾ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਇਸ ਪ੍ਰਕਿਰਿਆ ਰਾਹੀਂ ਲੋਕ ਆਪਣੀ ਜਾਣਕਾਰੀ ਖੁਦ ਭਰ ਕੇ ਜਨਗਣਨਾ ਦੇ ਕਾਰਜ ਵਿੱਚ ਯੋਗਦਾਨ ਪਾ ਸਕਦੇ ਹਨ।
ਐਸ.ਡੀ.ਐਮ. ਨੇ ਦੱਸਿਆ ਕਿ ਆਨਲਾਈਨ ਜਾਣਕਾਰੀ ਭਰਨ ਤੋਂ ਬਾਅਦ ਨਾਗਰਿਕਾਂ ਨੂੰ 11 ਅੰਕਾਂ ਦਾ ਇੱਕ ਵਿਸ਼ੇਸ਼ SE ID ਕੋਡ ਪ੍ਰਾਪਤ ਹੋਵੇਗਾ। ਇਸ ਕੋਡ ਨੂੰ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਘਰ ਆਉਣ ਵਾਲੇ ਗਿਣਤੀਕਾਰ ਨੂੰ ਇਹ ਕੋਡ ਦਿਖਾ ਕੇ ਭਰੀ ਗਈ ਜਾਣਕਾਰੀ ਦੀ ਤਸਦੀਕ ਕਰਵਾਈ ਜਾ ਸਕੇਗੀ।
ਉਨ੍ਹਾਂ ਹੋਰ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ ਤੋਂ ਬਾਅਦ ਗਿਣਤੀਕਾਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਕਰਨ ਦਾ ਕੰਮ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅੰਦਰ ਆਪਣੀ ਜਾਣਕਾਰੀ ਦਰਜ ਕਰਵਾ ਕੇ ਜਨਗਣਨਾ ਦੇ ਮਹੱਤਵਪੂਰਨ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਸਹਿਯੋਗ ਦੇਣ।
