ਫ਼ਿਰੋਜ਼ਪੁਰ, 26 ਜਨਵਰੀ 2024:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਫਿਰੋਜ਼ਪੁਰ ਜ਼ਿਲ੍ਹੇ ਦਾ ਦੇਸ਼ ਦੀਆਂ ਖੇਡਾਂ ਵਿੱਚ ਬਹੁਤ ਵੱਡਾ ਯੋਗਦਾਨ ਹੈ। ਬੜੇ ਮਾਣ ਵਾਲੀ ਗੱਲ ਹੈ ਕਿ ਫਿਰੋਜ਼ਪੁਰ ਨੇ ਹਾਕੀ ਖੇਡ ਵਿੱਚ ਹਰਮੀਕ ਸਿੰਘ, ਅਜੀਤ ਸਿੰਘ, ਗਗਨ ਅਜੀਤ ਸਿੰਘ, ਨਿਸ਼ਾਨੇਬਾਜ਼ੀ ਖੇਡ ਵਿੱਚ ਗੁਰਬੀਰ ਸੰਧੂ, ਮਾਨਵਜੀਤ ਸੰਧੂ, ਰੰਜਨ ਸੋਢੀ ਅਤੇ ਰੋਇੰਗ ਵਿੱਚ ਮਨਜੀਤ ਸਿੰਘ ਜਿਹੇ ਵੱਡੇ ਖਿਡਾਰੀ ਦੇਸ਼ ਨੂੰ ਦਿੱਤੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗਣਤੰਤਰ ਦਿਵਸ ਮੌਕੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਫ਼ਿਰੋਜ਼ਪੁਰ ਵਿਖੇ ਨਿਵੇਕਲੀ ਸਕੀਮ ‘ਸੁਪਰ ਹੰਡਰਡ(100)’ ਦੀ ਸ਼ੁਰੂਆਤ ਕਰਨ ਮੌਕੇ ਕੀਤਾ।
ਇਸ ਸਕੀਮ ਦੀ ਸ਼ੁਰੂਆਤ ਕਰਨ ਮੌਕੇ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਇਸ ਤਹਿਤ ਸੂਬਾ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਜ਼ਿਲ੍ਹੇ ਵਿੱਚੋਂ ਸੁਪਰ ਹੰਡਰਡ (100) ਖਿਡਾਰੀ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਵਧੀਆ ਮਿਹਨਤ ਕਰਕੇ ਸੂਬਾ ਪੱਧਰ ‘ਤੇ ਨਾਮਨਾ ਖੱਟਣ ਵਾਲੇ ਖਿਡਾਰੀਆਂ ਦੇ ਸੰਪੂਰਨ ਤੇ ਸਰਬਪੱਖੀ ਵਿਕਾਸ ਲਈ ਇਸ ਸਕੀਮ ਨੂੰ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੀ ਡਾਇਟ ਦਾ ਸਾਰਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਐਸ.ਆਰ. ਗਤੀਵਿਧੀਆਂ ਰਾਹੀਂ ਕੀਤਾ ਜਾਵੇਗਾ। ਖਿਡਾਰੀਆਂ ਦੇ ਸੰਪੂਰਨ ਤੇ ਬਹੁਪੱਖੀ ਵਿਕਾਸ ਲਈ ਉਨ੍ਹਾਂ ਨੂੰ ਸਪੋਰਟਸ ਸਾਇੰਸ ਤੇ ਬਾਇਓਮਕੈਨਿਕਸ ਵਿਧੀਆਂ ਰਾਹੀਂ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁਹੱਈਆ ਕਰਵਾਉਣ ਲਈ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਨਾਲ ਸਮਝੌਤਾ ਕੀਤਾ ਗਿਆ ਹੈ; ਜਿਸ ਰਾਹੀਂ ਖਿਡਾਰੀਆਂ ਨੂੰ ਅਧੂਨਿਕ ਤਕਨੀਕ ਨਾਲ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖਿਡਾਰੀਆਂ ਨੂੰ ਖੇਡ ਦੌਰਾਨ ਚੋਟ ਲੱਗਣ ਦੀ ਸੂਰਤ ਵਿੱਚ ਉਨ੍ਹਾਂ ਦੇ ਵਧੀਆ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਤੋਂ ਇਲਾਜ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਸੁਪਰ 100 ਸਕੀਮ ਤਹਿਤ ਖਿਡਾਰੀਆਂ ਨੂੰ ਸੰਪੂਰਨ ਖੇਡ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਸ੍ਰੀ ਮੀਤ ਹੇਅਰ ਨੇ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਜਿੱਥੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਜਾ ਰਹੇ ਹਨ ਉੱਥੇ ਖੇਡ ਮੁਕਾਬਲਿਆਂ ਦੀ ਤਿਆਰੀ ਲਈ ਵੀ ਨਗਦ ਰਾਸ਼ੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਜ਼ਿਲ੍ਹੇ ਦੇ ਸੁਪਰ-100 ਖਿਡਾਰੀਆਂ ਨੂੰ ਖੇਡ ਮੰਤਰੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਇਸ ਮੌਕੇ ਕਿਹਾ ਕਿ ਸੁਪਰ ਹੰਡਰਡ (100) ਸਕੀਮ ਤਹਿਤ ਖਿਡਾਰੀਆਂ ਦੇ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਚ ਪੱਧਰ ਦੀ ਖੇਡ ਸਿਖਲਾਈ ਦੇਣ ਲਈ ਫੌਜ ਤੇ ਬੀ.ਐਸ.ਐਫ. ਦੇ ਕੋਚਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਹੋਰ ਹਰ ਉਹ ਸੁਵਿੱਧਾ ਉਪਲਬੱਧ ਕਰਵਾਈ ਜਾਵੇਗੀ ਜਿਸ ਨਾਲ ਰਾਸ਼ਟਰੀ, ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਜ਼ਿਲ੍ਹੇ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਖਿਡਾਰੀਆਂ ਲਈ ਅੰਤਰਰਾਸ਼ਟਰੀ ਪੱਧਰ ਦਾ ਐਸਟਰੋਟਰਫ ਹਾਕੀ ਦਾ ਮੈਦਾਨ ਬਣ ਚੁੱਕਾ ਹੈ। ਜਿਸ ਦੀ ਸੁਚੱਜੀ ਵਰਤੋਂ ਕਰ ਕੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਨਾ ਖੱਟਣਗੇ। ਇਸ ਤੋਂ ਇਲਾਵਾ ਛੇਤੀ ਹੀ ਸਿੰਥੈਟਿਕ ਟਰੈਕ ਤਿਆਰ ਹੋਣ ਤੇ ਕੁਝ ਸਮੇਂ ਵਿੱਚ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੂੰ ਟ੍ਰੇਨਿੰਗ ਲਈ ਉਪਲਬਧ ਕਰਵਾ ਦਿੱਤਾ ਜਾਵੇਗਾ। ਖਿਡਾਰੀਆਂ ਦੀ ਟ੍ਰੇਨਿੰਗ ਸਬੰਧੀ ਮੁਸ਼ਿਕਲ ਨੂੰ ਦੇਖਦੇ ਹੋਏ ਵੱਖ-ਵੱਖ ਖੇਡਾਂ ਦੇ ਕੋਚ ਵੀ ਤੈਨਾਤ ਕੀਤੇ ਗਏ ਹਨ ਤਾਂ ਜੋ ਖਿਡਾਰੀਆਂ ਨੂੰ ਕਿਸੇ ਵੀ ਮੁਸ਼ਿਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਐਸ.ਐਸ.ਪੀ. ਸੋਮਿਆ ਮਿਸ਼ਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚੰਦ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮਲਕੀਤ ਸਿੰਘ ਥਿੰਦ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਵੀ ਹਾਜ਼ਰ ਸਨ।