ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ 64 ਹਜ਼ਾਰ ਕਰੋੜ ਦਾ ਨਿਵੇਸ਼ ਹੋਇਆ – ਅਮਨ ਅਰੋੜਾ

Amritsar

ਅੰਮ੍ਰਿਤਸਰ 26 ਜਨਵਰੀ 2024

               ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦੇ  ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।

               ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ।

               ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਸ਼ਹੀਦਾਂ ਨੂੰ ਪ੍ਰਣਾਈ ਹੋਈ ਹੈ। ਮੌਜੂਦਾ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਨਾਲ ਹੀ ਸੂਬੇ ਦੀ ਭਲਾਈ ਲਈ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਹੈ ਅਤੇ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।

ਇਸੇ ਤਰਾਂ ਪਹਿਲੀ ਤੇ ਦੂਜੀ ਵਿਸ਼ਵ ਜੰਗ ਵਿੱਚ ਹਿੱਸਾ ਲੈਣ ਵਾਲੇ 65 ਸਾਲ ਤੋਂ ਵੱਧ ਉਮਰ ਵਾਲੇ ਸਾਬਕਾ ਸੈਨਿਕਾਂ/ ਜੰਗੀ ਵਿਧਵਾਵਾਂ ਜਿਨ੍ਹਾਂ ਨੂੰ ਬਿਨਾਂ ਕਿਸੇ ਪੈਨਸ਼ਨ ਲਾਭ ਦੇ ਘਰ ਭੇਜ ਦਿੱਤਾ ਸੀ, ਦੀ ਵਿੱਤੀ ਸਹਾਇਤਾ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

                ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਪਣੇ ਮਹਿਜ਼ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 39 ਹਜ਼ਾਰ 406 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ।

               ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਯੋਜਨਾ ਤਹਿਤ ਸੂਬੇ ਦੇ ਨਾਗਰਿਕ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਇਹ ਸੇਵਾਵਾਂ ਹਾਸਲ ਕਰ ਸਕਦੇ ਹਨ। ਮਾਨ ਸਰਕਾਰ ਦੀ ਇਸ ਪਹਿਲ ਨਾਲ 4000 ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲਿਆ ਹੈ। ਉਨਾਂ ਦੱਸਿਆ ਕਿ ਸੂਬੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੇਡਾ ਵੱਲੋਂ 85.23 ਟਨ ਪ੍ਰਤੀ ਦਿਨ ਦੀ ਕੁੱਲ ਸਮਰੱਥਾ ਵਾਲੇ 4 ਕੰਪਰੈੱਸਡ ਬਾਇਓਗੈਸ (327) ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਸਾਲਾਨਾ 3.00 ਲੱਖ ਟਨ ਝੋਨੇ ਦੀ ਪਰਾਲੀ ਦੀ ਵਰਤੋਂ ਕੀਤੀ ਜਾਵੇਗੀ। ਇਨ੍ਹਾਂ ਤੋਂ ਇਲਾਵਾ 79.25 ਟਨ ਪ੍ਰਤੀ ਦਿਨ 327 ਦੇ 7 ਹੋਰ ਕੰਪਰੈੱਸਡ ਬਾਇਓਗੈਸ ਪ੍ਰੋਜੈਕਟ ਮਾਰਚ, 2025 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ ਜੋ ਸਾਲਾਨਾ 2.60 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ।

                ਉਨਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਸੌ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਹੈ। ਇਸੇ ਤਰਾਂ ਪੰਜਾਬ ਦੇ ਰੌਸ਼ਨ ਭਵਿੱਖ ਲਈ ਮਾਨ ਸਰਕਾਰ ਨੇ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ। ਸਿੱਖਿਆ ਵਿੱਚ ਵਿਆਪਕ ਸੁਧਾਰਾਂ ਅਤੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ 200 ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀਆਂ ਦੋ ਨਾਮੀ ਵਿੱਦਿਅਕ ਸਿਖਲਾਈ ਸੰਸਥਾਵਾਂ ਤੋਂ ਅਤੇ 100 ਮੁੱਖ ਅਧਿਆਪਕਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਤੋਂ ਸਿਖਲਾਈ ਦਿੱਤੀ ਗਈ ਹੈ।

               ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਪ੍ਰਣ ਕਰਦੇ ਉਨਾਂ ਕਿਹਾ ਕਿ ਹੁਣ ਤੱਕ ਕਰੀਬ 550 ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਚੁੱਕੀ ਹੈ। ਉਨਾਂ ਸਰਕਾਰੀ ਅਦਾਰਿਆਂ ਦੀ ਮਜਬੂਤੀ ਲਈ ਕੀਤੀ ਪਹਿਲ ਦੀ ਗੱਲ ਕਰਦੇ ਕਿਹਾ ਕਿ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ ਅਤੇ ਇਸ ਪਲਾਂਟ ਦਾ ਨਾਮ ਤੀਜੇ ਪਾਤਿਸ਼ਾਹ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ।

               ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਿੱਤੀ ਸਾਲ ਦੌਰਾਨ ਦਸੰਬਰ ਤੱਕ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਤੋਂ ਮਾਲੀਏ ਵਿੱਚ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.52 ਪ੍ਰਤੀਸ਼ਤ ਦਾ ਵਾਧਾ ਅਤੇ ਆਬਕਾਰੀ ਤੋਂ ਮਾਲੀਏ ਵਿੱਚ 10.4 ਪ੍ਰਤੀਸ਼ਤ ਦਾ ਵਾਧਾ ਹਾਸਿਲ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਤੁਹਾਡੀ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਪਾਵਨ ਧਾਰਮਿਕ ਸਥਾਨਾਂ ਦੀ  ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਇਸੇ ਤਰਾਂ ਲੋਕ ਪੱਖੀ ਫੈਸਲੇ ਕਰਦੇ ਮਾਨ ਸਰਕਾਰ ਵੱਲੋਂ ਰਾਜ ਦੀਆਂ ਵੱਖ ਵੱਖ ਸੜਕਾਂ ਤੋਂ ਆਪਣੀ ਮਿਆਦ ਪੂਰੀ ਕਰ ਚੁੱਕੇ 12 ਟੋਲ-ਪਲਾਜਾ ਨੂੰ ਬੰਦ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਆਮ ਜਨਤਾ ਨੂੰ ਲਗਭਗ 185 ਕਰੋੜ ਰੁਪਏ ਦੀ ਬਚਤ ਹੋਵੇਗੀ। ਉਨਾਂ ਕਿਹਾ ਕਿ ਸਰਕਾਰ ਨੇ ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਗਿਣਤੀ ਘਟਾਉਣ ਅਤੇ ਜ਼ਖਮੀਆਂ ਨੂੰ ਸਮੇਂ ਸਿਰ ਇਲਾਜ ਦੇਣ ਲਈ ਫਰਿਸ਼ਤੇ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਬਣੇ ‘ਫਰਿਸ਼ਤੇ’ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦੇਣ ਤੋਂ ਇਲਾਵਾ ਪ੍ਰਸੰਸਾ ਪੱਤਰ ਦਿੱਤਾ ਜਾਵੇਗਾ।

               ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਅਤੇ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਣ ਦੇ ਮਕਸਦ ਨਾਲ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ ਅਤੇ ਸੈਰ-ਸਪਾਟਾ ਸੰਮੇਲਨ ਕਰਵਾਏ ਗਏ, ਜਿਸ ਸਦਕਾ ਸੂਬੇ ਵਿੱਚ ਬੀਤੇ 22 ਮਹੀਨਿਆਂ ਦੌਰਾਨ 4125 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ ਜਿਸ ਰਾਹੀਂ 64 ਹਜ਼ਾਰ 114 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਸੂਬੇ ਵਿੱਚ 3 ਲੱਖ 14 ਹਜ਼ਾਰ 572 ਦੇ ਕਰੀਬ ਸਿੱਧੇ ਅਤੇ ਅਸਿੱਧੇ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

               ਉਨਾਂ ਕਿਹਾ ਕਿ ਪੰਜਾਬੀਆਂ ਦੀ ਸਿਹਤ ਸੰਭਾਲ ਲਈ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਸਾਢੇ ਚਾਰ ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਜੇਤੂ ਖਿਡਾਰੀਆਂ ਨੂੰ  8.69 ਕਰੋੜ ਰੁਪਏ ਆਨ ਲਾਈਨ ਟਰਾਂਸਫਰ ਕੀਤੇ ਗਏ।

               ਸ੍ਰੀ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਸ਼ਹੀਦਾਂ ਸਬੰਧੀ ਝਾਕੀਆਂ ਨੂੰ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਿਲ ਨਾ ਕਰਨ ਉਤੇ ਇਤਰਾਜ਼ ਜਿਤਾਉਂਦੇ ਦੱਸਿਆ ਕਿ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਐਲਾਨ ਮੁਤਾਬਕ ਇਹ ਝਾਕੀਆਂ ਸੂਬੇ ਭਰ ਵਿੱਚ ਦਿਖਾਈਆਂ ਜਾ ਰਹੀਆਂ ਹਨ।  ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਵਿਧਾਇਕ ਡਾ. ਅਜੈ ਕੁਮਾਰ ਗੁਪਤਾ, ਵਿਧਾਇਕ ਮੈਡਮ ਜੀਵਨ ਜੋਤ ਕੌਰ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਏ.ਡੀ.ਜੀ.ਪੀ. ਸ੍ਰੀ ਪੀ.ਕੇ. ਸਿਨਹਾ, ਆਈ.ਜੀ. ਸ੍ਰੀ ਨਰਿੰਦਰ ਭਾਰਗਵ, ਸੈਕਟਰੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਰਛਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਸਾਬਕਾ ਮੰਤਰੀ ਸ੍ਰੀਮਤੀ ਲਸ਼ਮੀਕਾਂਤਾ ਚਾਵਲਾ, ਸ੍ਰੀ ਮਨੀਸ਼ ਅਗਰਵਾਲ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।