ਅੰਮ੍ਰਿਤਸਰ, 31 ਜਨਵਰੀ 2024
ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਝਾਂਕੀਆਂ ਦਾ ਅੰਮ੍ਰਿਤਸਰ ਜਿਲ੍ਹੇ ਵਿੱਚ ਪਹੁੰਚਣ ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
ਅੰਮ੍ਰਿਤਸਰ ਜਿਲ੍ਹੇ ਦੇ ਬਿਆਸ ਖੇਤਰ ਵਿੱਚ ਝਾਂਕੀਆਂ ਦੇ ਦਾਖਲ ਹੁੰਦੇ ਹੋਏ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਸਕੂਲੀ ਬੱਚਿਆਂ ਵਲੋਂ ਸਵਾਗਤ ਕੀਤਾ ਗਿਆ।
ਇਹ ਝਾਕੀਆਂ ਬਿਆਸ ਤੋਂ ਰਈਆ, ਟਾਂਗਰਾ, ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਸਵਾਗਤ ਕੀਤਾ। ਇਸ ਮੌਕੇ ਜਿੱਥੇ ਵੱਡੀ ਗਿਣਤੀ ਲੋਕ ਖਾਸਕਰ ਮਹਿਲਾਵਾਂ ਅਤੇ ਬੱਚੇ ਪੰਜਾਬ ਦੀ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਦੇਖਣ ਲਈ ਪਹੁੰਚੇ। ਜੰਡਿਆਲਾ ਵਿਖੇ ਝਾਕੀ ਦੇ ਪੁੱਜਣ ਤੇ ਸਰਕਾਰੀ ਸਕੂਲ ਤਾਰਾਗੜ੍ਹ, ਸਰਕਾਰੀ ਸਕੂਲ ਗਹਿਰੀ ਮੰਡੀ, ਸਰਕਾਰੀ ਸਕੂਲ ਲੜਕੇ ਜੰਡਿਆਲਾ ਅਤੇ ਸਰਕਾਰੀ ਕੰਨਿਆ ਸਕੂਲ ਜੰਡਿਆਲਾ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਝਾਕੀ ਦਾ ਸਵਾਗਤ ਕੀਤਾ ਅਤੇ ਪੰਜਾਬ ਦੇ ਅਮੀਰ ਵਿਰਸੇ ਨੂੰ ਜਾਣਿਆ।
ਸ: ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਪੂਰੇ ਸੂਬੇ ਤੇ ਵਿੱਚ ਨਿਕਲ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਦੇ ਆਜ਼ਾਦੀ ਇਤਿਹਾਸ, ਨਾਰੀ ਸ਼ਕਤੀ ਅਤੇ ਸੱਭਿਆਚਾਰ ਬਾਰੇ ਵੱਡੀ ਜਾਣਕਾਰੀ ਭਰਪੂਰ 16 ਫੁੱਟ ਉੱਚੀ, 14 ਫੁੱਟ ਚੌੜੀ, 30 ਫੁੱਟ ਲੰਬੀ ਇਹ ਝਾਕੀਆਂ ਜਿਲ੍ਹੇ ਦੇ ਪ੍ਰਮੁੱਖ ਸਥਾਨਾਂ ਤੋਂ ਗੁਜਰਣਗੀਆਂ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਕੇ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿੱਤੀਆਂ ਹਨ ਅਤੇ ਸਭ ਤੋਂ ਵੱਧ ਫਾਂਸੀ ਦੇ ਫੰਦੇ ਵੀ ਪੰਜਾਬੀਆਂ ਨੇ ਹੀ ਚੁੰਮੇ ਹਨ।
ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਇਨ੍ਹਾਂ ਝਾਕੀਆਂ ਵਿੱਚ ਜ਼ਲਿ੍ਹਆਂ ਵਾਲੇ ਬਾਗ ਦੀ ਘਟਨਾ ਦੇ ਚਿਤਰਣ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੇ ਚਿੱਤਰ ਸ਼ਾਮਲ ਹਨ।
ਇਸੇ ਤਰ੍ਹਾਂ ਦੂਜੀ ਝਾਕੀ ਰਾਹੀਂ ਮਹਿਲਾ ਸਸ਼ਕਤੀਕਰਨ ’ਤੇ ਜ਼ੋਰ ਦੇਣ ਲਈ ਮਹਾਨ ਸਿੱਖ ਮਹਿਲਾ ਮਾਈ ਭਾਗੋ ਜੀ ਦੀ ਇਕ ਵਿਸ਼ਾਲ ਪ੍ਰਤਿਮਾ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੀਪੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦੀਆਂ ਤਸਵੀਰਾਂ ਦਰਸਾਈਆਂ ਗਈਆਂ ਹਨ। ਜਦਕਿ ਤੀਜੀ ਝਾਕੀ ਜ਼ਰੀਏ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਦੇਸ਼ ਨੂੰ ਖਾਦ ਸੁਰੱਖਿਆ ਵਿੱਚ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਸ਼ਹਾਦਤਾਂ ਦੇਣ ਵਾਲੇ ਲੋਕਾਂ ਦੀ ਧਰਤੀ ਹੈ ਅਤੇ ਇਸ ਦੀ ਝਾਕੀ ਨੂੰ ਪਰੇਡ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ। ਉਨਾਂ ਕਿਹਾ ਕਿ ਕੇਂਦਰ ਨੇ ਹਮੇਸ਼ਾਂ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ।
ਝਾਕੀਆਂ ਦੇਖਣ ਉਪਰੰਤ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ, ਜਿਸ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਤੇ ਅਮੀਰ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਬਾਰੇ ਹੋਰ ਨੇੜਿਓਂ ਜਾਨਣ ਦਾ ਮੌਕਾ ਮਿਲਿਆ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਉਪਰਾਲਾ ਸਾਡੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਤੋਂ ਜਾਣੂ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।
ਇਸ ਮੌਕੇ ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਬੀ.ਡੀ.ਪੀ.ਓ. ਰਈਆ ਅਮਨਦੀਪ ਸਿੰਘ ਮੰਨਣ, ਚੇਅਰਮੈਨ ਛਨਾਖ ਸਿੰਘ, ਚੇਅਰਮੈਨ ਡਾ. ਗੁਰਵਿੰਦਰ ਸਿੰਘ, ਚੇਅਰਮੈਨ ਅਸ਼ੋਕ ਤਲਵਾਰ, ਚੇਅਰਮੈਨ ਸ: ਜਸਪ੍ਰੀਤ ਸਿੰਘ, ਮੈਡਮ ਸੁਰਿੰਦਰ ਕੌਰ, ਸ: ਸਤਿੰਦਰ ਸਿੰਘ, ਸਮੂਹ ਬਲਾਕ ਪ੍ਰਧਾਨ ਜੰਡਿਆਲਾ ਗੁਰੂ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਮਨੀਸ਼ ਅਗਰਵਾਲ, ਸ੍ਰੀ ਸਤਪਾਲ ਸੋਖੀ, ਸ੍ਰੀ ਰਵਿੰਦਰ ਹੰਸ, ਐਡਵੋਕੇਟ ਰਮਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।