ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ  ਲਈ ਪੰਜਾਬ ਸਰਕਾਰ ਵਚਨਬੱਧ: ਦਹੀਯਾ 

Ferozepur

ਤਲਵੰਡੀ ਭਾਈ/ਫਿਰੋਜ਼ਪੁਰ, 9 ਫਰਵਰੀ 2024: 

            ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਯਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਜਾ ਕੇ ਕਰਨ ਲਈ ਵਿੱਢੀ ਗਈ ਮੁਹਿੰਮ “ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਹਰਾਜ਼ ਵਿਖੇ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਗਿਆ।

          ਸ੍ਰੀ ਰਜ਼ਨੀਸ ਦਹੀਯਾ ਨੇ ਕੈਂਪ ਵਿੱਚ ਪਹੁੰਚ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ ‘ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਦਹੀਯਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਗਾਏ ਜਾਣ ਵਾਲੇ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਸਕਣ ਅਤੇ ਕੋਈ ਵੀ ਯੋਗ ਲਾਭਪਾਤਰੀ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ।

            ਉਨ੍ਹਾਂ ਹਲਕਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੱਕ ਸਰਕਾਰੀ ਸਕੀਮਾਂ ਤੇ ਸੇਵਾਵਾਂ ਦਾ ਲਾਭ ਦੇਣ ਦੇ ਉਦੇਸ਼ ਨਾਲ ਲਗਾਏ ਸੁਵਿਧਾ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ 44 ਤਰ੍ਹਾਂ ਦੀਆਂ ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ ਤੇ ਜ਼ਿਆਦਾਤਰ ਮੁਸ਼ਕਲਾਂ ਮੌਕੇ ਤੇ ਹੀ ਹੱਲ ਕੀਤੀਆਂ ਜਾ ਰਹੀਆ ਹਨ।

          ਇਸ ਮੌਕੇ ਸ੍ਰੀ ਰੌਬੀ ਸੰਧੂ, ਸ੍ਰੀ ਬੇਅੰਤ ਸਿੰਘ, ਸ੍ਰੀ  ਦੀਪਾ ਹਰਾਜ਼, ਸ੍ਰੀ  ਬਲਬੀਰ ਕਾਲੀਏਵਾਲਾ, ਡਾ. ਜਗਦੀਪ ਸਿੰਘ ਖੋਸਾ ਬਲਾਕ ਪ੍ਰਧਾਨ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।