ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ਪੰਜਾਬ ਸਰਕਾਰ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ 

Fazilka

ਫਾਜ਼ਿਲਕਾ 3 ਮਾਰਚ 

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਮਿਡ ਡੇ ਮੀਲ ਦੇ ਕਿਚਨ ਸੈਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਹੈ । 

ਉਨਾਂ ਆਖਿਆ ਕਿ ਜਦ ਸਾਡੀ ਨਵੀਂ ਪੀੜੀ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰੇਗੀ ਤਾਂ ਹੀ ਸਾਡੇ ਨੌਜਵਾਨ ਵਿਸ਼ਵ ਪੱਧਰੀ ਯੋਗਤਾਵਾਂ ਹਾਸਿਲ ਕਰਕੇ ਸੂਬੇ ਨੂੰ ਅੱਗੇ ਲਿਜਾ ਸਕਣਗੇ ।ਉਹਨਾਂ ਨੇ ਕਿਹਾ ਕਿ ਸਕੂਲੀ ਸਿੱਖਿਆ ਵਿਅਕਤੀ ਦੀ ਨੀਹ ਵਜੋ ਕੰਮ ਕਰਦੀ ਹੈ ਅਤੇ ਪੰਜਾਬ ਸਰਕਾਰ ਸਾਡੀ ਇਸੇ ਨੀਹ ਨੂੰ ਮਜਬੂਤ ਕਰਨ ਦੇ ਇਰਾਦੇ ਨਾਲ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕਰ ਰਹੀ ਹੈ।

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਸਰਹੱਦੀ ਇਲਾਕੇ ਦੇ ਸਕੂਲਾਂ ਵੱਲ ਪਹਿਲਾਂ ਕਿਸੇ ਸਰਕਾਰ ਨੇ ਧਿਆਨ ਨਹੀਂ ਸੀ ਦਿੱਤਾ ਪਰ ਹੁਣ ਪੰਜਾਬ ਸਰਕਾਰ ਲਗਾਤਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ।  ਇਸ ਦੇ ਨਾਲ ਹੀ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਗਈ ਹੈ ਅਤੇ ਲਗਾਤਾਰ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸਕੂਲ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਤੋਂ ਅਤੇ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਆਈਆਈਟੀ ਤੋਂ ਸਿਖਲਾਈ ਦਵਾਈ ਗਈ ਹੈ ਤਾਂ ਜੋ ਉਹ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਬੱਚਿਆਂ ਨੂੰ ਦੇ ਸਕਣ ।

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਜਾ ਰਹੇ ਹਨ। ਉਹਨਾਂ ਨੇ ਦੱਸਿਆ ਕਿ ਅੱਜ ਵੀ 13 ਸਕੂਲ ਆਫ ਐਮੀਨੈਂਸ ਦਾ ਉਦਘਾਟਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ।

 ਵਿਧਾਇਕ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਦੇ ਸਾਰਥਕ ਨਤੀਜੇ ਸਭ ਦੇ ਸਾਹਮਣੇ ਹੋਣਗੇ । ਉਨਾਂ ਨੇ ਕਿਹਾ ਕਿ ਅਸੀਂ ਥੋੜ-ਚਿਰੇ ਅਤੇ ਵੋਟਾਂ ਤੇ ਕੇਂਦਰਿਤ ਕੰਮ ਨਹੀਂ ਕਰ ਰਹੇ ਬਲਕੀ ਸਿੱਖਿਆ ਵਰਗੇ ਖੇਤਰ ਵਿੱਚ ਸੁਧਾਰ ਕਰਕੇ ਅਸੀਂ ਪੰਜਾਬ ਦੇ ਭਵਿੱਖ ਨਿਰਮਾਣ ਵਿੱਚ ਲੱਗੇ ਹੋਏ ਹਾਂ।