ਲੁਧਿਆਣਾ, 5 ਮਾਰਚ (000)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸ਼ੁਰੂ ਕੀਤੇ ਗਏ ਅਨੇਕਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਮਿਊਨਿਟੀ ਹਾਲਾਂ ਦੀ ਉਸਾਰੀ, ਛੱਪੜਾਂ ਦੀ ਮੁਰੰਮਤ, ਨਵੀਂ ਲਾਇਬ੍ਰੇਰੀਆਂ ਦੀ ਉਸਾਰੀ, ਨਵੀਆਂ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਅਤੇ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਦੇ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦੀ ਵੀ ਜਾਂਚ ਕੀਤੀ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੌਜੂਦਾ ਸਥਿਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ।
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਚੱਲ ਰਹੇ ਕੰਮਾਂ ਦੀ ਰਫਤਾਰ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਹ ਸਾਰੇ ਉਪਲਬਧ ਸਾਧਨਾਂ ਦੀ ਵਰਤੋਂ ਕਰਦਿਆਂ ਜਲਦ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ, ਤਾਂ ਜੋ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਲਾਭ ਮਿਲ ਸਕੇ। ਸਾਹਨੀ ਨੇ ਵਿਕਾਸ ਕਾਰਜ਼ਾਂ ਵਿੱਚ ਪੈਂਦੇ ਅੜਿੱਕਿਆਂ ਨੂੰ ਹੱਲ ਕਰਨ ਲਈ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਵਿਕਾਸ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ, ਉਪ ਮੰਡਲ ਮੈਜਿਸਟਰੇਟਾਂ ਵਿੱਚ ਗੁਰਬੀਰ ਸਿੰਘ ਕੋਹਲੀ ਅਤੇ ਵਿਕਾਸ ਹੀਰਾ, ਡੀ.ਡੀ.ਪੀ.ਓ ਨਵਦੀਪ ਕੌਰ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।