ਫ਼ਰੀਦਕੋਟ 11 ਮਾਰਚ 2024
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਪਰਿਵਾਰ ਦਾ ਹਿੱਸਾ ਬਣੇ ਮੌਜੂਦਾ ਸਰਪੰਚ ਅਤੇ ਹੋਰ ਮੋਹਤਬਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ ।
ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰੇਕ ਵਰਗ ਦਾ ਧਿਆਨ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਮੁੱਖ ਰੱਖਕੇ ਪੰਜਾਬ ਸਰਕਾਰ ਹਰੇਕ ਉਹ ਕੰਮ ਕਰ ਰਹੀ ਹੈ, ਜਿਸ ਨਾਲ ਹਰੇਕ ਵਰਗ ਖੁਸ਼ ਰਹਿ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਦਾ ਕੰਮ ਵੀ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ।
ਸਪੀਕਰ ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੁਦ ਚਾਹੇ ਕਿਸੇ ਵੀ ਹਾਲਾਤ ਵਿਚ ਰਹੋ, ਪ੍ਰੰਤੂ ਆਪਣੇ ਬੱਚਿਆਂ ਨੂੰ ਜਰੂਰ ਪੜ੍ਹਾਓ, ਤਾਂ ਜੋ ਉਹ ਚੰਗੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਉਨ੍ਹਾਂ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ। ਇਸ ਦੇ ਲਈ ਸਰਕਾਰ ਵੱਲੋਂ ਵੀ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਅੱਜ ਜੋ ਧਨ ਰਾਸ਼ੀ ਵਿਦਿਅਕ ਸੰਸਥਾਵਾਂ ਤੇ ਖਰਚ ਕੀਤੀ ਜਾ ਰਹੀ ਹੈ ਉਹ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਦਾ ਸਬੂਤ ਹੈ ਕਿ ਸਰਕਾਰ ਇਹਨਾਂ ਸੰਸਥਾਵਾਂ ਵੱਲ ਬੜੀ ਸੰਜੀਦਗੀ ਨਾਲ ਧਿਆਨ ਦੇ ਰਹੀ ਹੈ।