ਫ਼ਰੀਦਕੋਟ 17 ਮਾਰਚ 2024
ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ- ਕਮ- ਜ਼ਿਲਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ ਵਿੱਚ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦਾ ਹਥਿਆਰ ਚੁੱਕ ਕੇ ਚੱਲਣ ਤੇ ਮਨਾਹੀ ਹੋਵੇਗੀ।
ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਅਤੇ ਭੈਅਮੁਕਤ ਰੂਪ ਵਿੱਚ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਲਾਇਸੰਸੀਆਂ ਪਾਸੋਂ ਉਹਨਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ।
ਉਹਨਾਂ ਕਿਹਾ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਦੇ ਸਕਿਊਰਟੀ ਗਾਰਡਜ਼, ਜਿਨ੍ਹਾਂ ਨੂੰ ਜੈਡ ਪਲੱਸ ਸਕਿਉਰਟੀ ਮਿਲੀ ਹੋਵੇ ਤੇ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਦੇ ਮੱਦੇਨਜਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਤੇ ਲਾਗੂ ਨਹੀ ਹੋਵੇਗਾ।
ਇਹ ਹੁਕਮ 12.05.2024 ਤੱਕ ਲਾਗੂ ਰਹਿਣਗੇ।