ਜ਼ਿਲ੍ਹਾ ਫ਼ਰੀਦਕੋਟ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ

Faridkot

ਫ਼ਰੀਦਕੋਟ, 17 ਮਾਰਚ,2024  – ਭਾਰਤ ਚੋਣ ਕਮਿਸ਼ਨ ਵੱਲੋਂ  ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਵੀ  ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ।

 ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਵਾਸਤੇ ਜ਼ਿਲ੍ਹੇ ਵਿੱਚ 3 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ।

ਚੋਣ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵੱਖ-ਵੱਖ ਸਿਆਸੀ ਪ੍ਰਚਾਰ ਲਈ ਲਗਾਏ ਹੋਰਡਿੰਗ, ਬੈਨਰ, ਪੋਸਟਰ ਆਦਿ ਤੁਰੰਤ ਹਟਾਏ ਜਾਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਨੋਡਲ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਵਿੱਚ ਕੁੱਲ 485749 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 255118 ਮਰਦ ਅਤੇ 230608 ਔਰਤ ਵੋਟਰ ਸ਼ਾਮਿਲ ਹਨ। ਸਰਵਿਸ ਵੋਟਰਾਂ ਦੀ ਗਿਣਤੀ 1926  ਅਤੇ ਤੀਜੇ ਲਿੰਗ ਵਾਲੇ 23 ਵੋਟਰ ਹਨ।

ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ‘ਪੇਡ ਨਿਊਜ਼’ ਅਤੇ ਹੋਰ ਆਨਲਾਈਨ ਇਸ਼ਤਿਹਾਰਾਂ ’ਤੇ ਨਜ਼ਰ ਰੱਖਣ ਵਾਸਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫ਼ਿਕੇਸ਼ਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਖ਼ਬਾਰਾਂ,ਟੈਲੀਵਿਜ਼ਨ ਜਾਂ ਵੈਬ ਸਾਈਟਾਂ ਤੇ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਉਮੀਦਵਾਰ ਨੂੰ ਕਮੇਟੀ ਤੋਂ ਸਰਟੀਫ਼ਾਈ ਕਰਵਾਉਣਾ ਪਵੇਗਾ। 

ਉਹਨਾਂ ਕਿਹਾ ਕਿ ਜੇਕਰ ਕੋਈ ਵੀ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 1950 ਤੇ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਕਾਇਤ ਸੈਲ ਦੇ ਟੈਲੀਫੋਨ ਨੰਬਰ 01639-292843 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਐਸ.ਐਸ.ਪੀ. ਸ.ਹਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 40 ਦੇ ਕਰੀਬ ਨਾਜ਼ੁਕ ਥਾਵਾਂ ਦੀ ਘੋਖ ਕਰਕੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ । ਉਹਨਾਂ ਕਿਹਾ ਕਿ ਚੋਣਾਂ ਨੂੰ ਸੁਖਾਲੇ ਢੰਗ ਨਾਲ ਨੇਪਰੇ ਚਾੜਨ ਲਈ ਅਤੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਤੋਂ ਬਚਾਅ ਲਈ ਚੈਕਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਕ੍ਰਾਈਮ ਨਾਲ ਸੰਬੰਧਿਤ ਕਿਸੇ ਵੀ ਸ਼ਿਕਾਇਤ ਲਈ ਟੋਲ ਫਰੀ ਨੰਬਰ 112 ਤੇ ਸੰਪਰਕ ਕੀਤਾ ਜਾ ਸਕਦਾ ਹੈ।