ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

S.A.S Nagar

ਐੱਸ.ਏ.ਐਸ.ਨਗਰ, 9 ਜੁਲਾਈ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 14 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ., ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 11 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 03 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2024 ਤੋਂ ਜੂਨ 2024 ਤਕ ਕੁੱਲ 25,84,177 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 24,12,509  ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 8,64,459, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਦੀਆਂ 73,436, ਪ੍ਰਸੋਨਲ ਦੀਆਂ 2,94,030, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 24,097, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਦੀਆਂ 1,25,921,  ਪਰਵਾਸੀ ਭਾਰਤੀ ਵਿਭਾਗ ਦੀ 01, ਖੇਤੀਬਾੜੀ ਵਿਭਾਗ ਦੀਆਂ 79,
ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਅਰਜ਼ੀਆਂ ਵਿਚਾਰ ਅਧੀਨ ਹਨ ਜਿਨ੍ਹਾਂ ਦਾ ਤੈਅ ਸਮੇਂ ਅਨੁਸਾਰ ਨਿਪਟਾਰਾ ਹੋ ਜਾਵੇਗਾ।

ਸ਼੍ਰੀਮਤੀ ਜੈਨ ਨੇ ਦੱਸਿਆ ਕਿ ਸਮੇਂ ਦੀ ਬੱਚਤ ਹਿਤ ਸੇਵਾ ਕੇਂਦਰ ਪੁੱਜ ਕੇ ਲਿਆ ਜਾਣ ਵਾਲਾ ਟੋਕਨ ਵਟਸਐਪ ਨੰਬਰ 98555-01076 ਉੱਤੇ ਰੋਮਨ ਲਿਪੀ ਵਿੱਚ “ਟੋਕਨ ਬੁਕਿੰਗ” ਲਿੱਖ ਕੇ ਭੇਜਣ ਨਾਲ ਫੋਨ ‘ਤੇ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਤੋਂ ਇਲਾਵਾ ਸੇਵਾ ਕੇਂਦਰ ਵਿਚ ਪੰਜਾਬ ਸਟੇਟ ਮਹੀਨਾਵਾਰ ਅਤੇ ਬਸੰਤ ਪੰਚਮੀ ਦੀ ਲਾਟਰੀ ਦੀਆਂ ਸੇਵਾਵਾਂ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਪੈਸਿਆਂ ਦਾ ਲੈਣ ਦੇਣ, ਬੀਮਾ (ਮੋਟਰ ਵਹੀਕਲ), ਡੇਂਗੂ ਬੀਮਾ ਅਤੇ ਮੋਬਾਈਲ/ਡੀ.ਟੀ.ਐਚ ਰੀਚਾਰਜ ਆਦਿ ਸੇਵਾਵਾਂ ਮੁੱਹਈਆ ਕਰਵਾਈਆਂ ਗਈਆਂ ਹਨ।

ਇਹ ਸਾਰੀਆਂ ਸਰਕਾਰੀ ਸੇਵਾਵਾਂ ‘ਸੇਵਾ ਦਾ ਅਧਿਕਾਰ’ ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਈ-ਗਵਰਨੈਂਸ ਪ੍ਰਣਾਲੀ ‘ਚ ਪਟਵਾਰੀਆਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਨਾਲ ਹੁਣ ਲੋਕ ਘਰ ਬੈਠੇ ਹੀ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ‘ਚ ਜਾਤੀ ਸਰਟੀਫ਼ਿਕੇਟ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇਗਾ। ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼ ਬਣਾਈਆਂ ਹਨ ਤੇ ਪਟਵਾਰੀ ਹੁਣ ਆਨਲਾਈਨ ਹੀ ਬਿਨੈਕਾਰਾਂ ਨੂੰ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਤੇ ਦਸਤਖ਼ਤ ਮੁਹੱਈਆ ਕਰਵਾ ਸਕਣਗੇ। ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ ‘ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਵੱਲੋਂ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ ਅਤੇ ਲਾਭਪਾਤਰੀਆਂ ਨੂੰ ਦਫਤਰ ਨਹੀਂ ਜਾਣਾ ਪਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ‘ਤੇ ਚੈਕਿੰਗ ਕਰ ਕੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਸੇਵਾਵਾਂ ਹਾਸਲ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਜੇਕਰ ਫ਼ੇਰ ਵੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਫੌਰੀ ਉਹਨਾਂ ਦੇ ਧਿਆਨ ਵਿੱਚ ਲੈਕੇ ਆਉਣ, ਮੁਸ਼ਕਲ ਦਾ ਫੌਰੀ ਹੱਲ ਯਕੀਨੀ ਬਣਾਇਆ ਜਾਵੇਗਾ।