ਵਿਧਾਇਕ ਨੀਨਾ ਮਿੱਤਲ ਵੱਲੋਂ ਮਨੌਲੀ ਸੂਰਤ ਸਿੰਘ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ

Politics Punjab S.A.S Nagar


ਬਨੂੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਸਤੰਬਰ :
ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਲੜੀ ਤਹਿਤ ਅੱਜ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਬਨੂੜ ਨੇੜਲੇ ਪਿੰਡ ਮਨੌਲੀ ਸੂਰਤ ਸਿੰਘ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
     ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 30 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਣ ਕਰਨ ਨਾਲ ਪੰਜਾਬ ਚ ਕੁੱਲ ਗਿਣਤੀ 872 ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 40 ਹੋ ਗਈ ਹੈ।
      ਵਿਧਾਇਕ ਨੀਨਾ ਮਿੱਤਲ ਨੇ ਭਗਵੰਤ ਮਾਨ ਸਰਕਾਰ ਦੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੀ ਦਿਸ਼ਾ ’ਚ ਇਸ ਨੂੰ ਇਕ ਹੋਰ ਵੱਡੀ ਪੁਲਾਂਘ ਕਰਾਰ ਦਿੰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਤਕ ਕਰੋੜਾਂ ਲੋਕਾਂ ਨੇ ਆਪਣਾ ਇਲਾਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣਾ ਇਸ ਸਰਕਾਰ ਦਾ ਪ੍ਰਮੱਖ ਏਜੰਡਾ ਹੈ, ਜੋ ਪੂਰੀ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।
       ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ ਅੱਗੇ ਆਖਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਬਿਲਕੁਲ ਮੁਫਤ ਦਿਤੀਆਂ ਜਾ ਰਹੀਆਂ ਹਨ ਅਤੇ 38 ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫ਼ਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਲੋਕਾਂ ਦੀ ਚੰਗੀ ਸਿਹਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਵੱਧ ਤੋਂ ਵੱਧ ਗਿਣਤੀ ਵਿਚ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਮੁਹਿੰਮ ਇਸੇ ਵਚਨਬੱਧਤਾ ਦਾ ਪ੍ਰਮਾਣ ਹੈ।
      ਇਸ ਮੌਕੇ ਮੌਜੂਦ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਚੱਲ ਰਹੇ 35 ਆਮ ਆਦਮੀ ਕਲੀਨਿਕਾਂ ਵਿਚ ਪਿਛਲੇ ਦੋ ਸਾਲਾਂ (ਸਤੰਬਰ 2022 ਤੋਂ ਸਤੰਬਰ 2024 ਤਕ ) ਦੌਰਾਨ 13,23,778 ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ ਇਸ ਅਰਸੇ ਦੌਰਾਨ ਮਰੀਜ਼ਾਂ ਦੇ 2,70,996 ਮੈਡੀਕਲ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹੇ ਚ ਪੰਜ ਨਵੇਂ ਕਲੀਨਿਕ ਖੋਲ੍ਹੇ ਗਏ ਹਨ।
       ਉਦਘਾਟਨੀ ਸਮਾਗਮ ਵਿਚ ਜ਼ਿਲ੍ਹੇ ਦੇ ਏਡੀਸੀ ਸ੍ਰੀਮਤੀ ਸੋਨਮ ਚੌਧਰੀ, ਸਿਵਲ ਸਰਜਨ ਡਾ. ਰੇਨੂੰ ਸਿੰਘ, ਐਸ.ਐਮ.ਓ. ਡਾ. ਰਜਨੀਤ ਰੰਧਾਵਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।