ਬਰਨਾਲਾ, 15 ਅਕਤੂਬਰ- ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਇਸ ਦੀ ਉਦਯੋਗਿਕ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਵਿਵੇਕ ਮੋਦੀ ਵੱਲੋਂ ਪਿੰਡ ਭੈਣੀ ਜੱਸਾ ਵਿਖੇ ਸਥਿਤ ਗੱਤਾ ਫੈਕਟਰੀ ਦਾ ਦੌਰਾ ਕੀਤਾ ਗਿਆ। ਇਸ ਫੈਕਟਰੀ ਵਿੱਚ ਝੋਨੇ ਦੀ ਪਰਾਲੀ ਤੋਂ ਗੱਤਾ ਤਿਆਰ ਕੀਤਾ ਜਾਂਦਾ ਹੈ, ਜਿਸ ਦੀ ਵਰਤੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਦੀ ਪੈਕਿੰਗ ਲਈ ਕੀਤੀ ਜਾਂਦੀ ਹੈ।
ਇਸ ਦੌਰਾਨ ਸ੍ਰੀ ਵਿਵੇਕ ਮੋਦੀ ਨੇ ਦੱਸਿਆ ਕਿ ਇਸ ਫੈਕਟਰੀ ਨੂੰ ਹਰ ਸਾਲ ਲਗਭਗ 7,000 ਮੀਟ੍ਰਿਕ ਟਨ ਝੋਨੇ ਦੀ ਪਰਾਲੀ ਦੀ ਲੋੜ ਹੁੰਦੀ ਹੈ। ਇਸ ਲੋੜ ਨੂੰ ਪੂਰਾ ਕਰਨ ਲਈ ਫੈਕਟਰੀ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨਾਲ ਤਾਲਮੇਲ ਕੀਤਾ ਜਾਂਦਾ ਹੈ। ਕਿਸਾਨ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਫੈਕਟਰੀ ਨੂੰ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਇਸ ਤਰ੍ਹਾਂ ਵਰਤੋਂ ਕਰਨਾ ਕਿਸਾਨਾਂ ਲਈ ਆਮਦਨ ਦਾ ਇੱਕ ਵਾਧੂ ਸਾਧਨ ਹੈ। ਇਸ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਮਿਲਦਾ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਵਿੱਚ ਵੀ ਮਦਦ ਮਿਲਦੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਬਰਨਾਲਾ ਵਿੱਚ ਨਿਰਧਾਰਤ ਕੀਤੇ ਗਏ 16 ਸਟੋਰੇਜ ਡੰਪਾਂ ਦੀ ਵਰਤੋਂ ਕਰਨ। ਕਿਸਾਨ ਬੇਲਰਾਂ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਇਹਨਾਂ ਨਿਰਧਾਰਤ ਡੰਪਾਂ ਤੱਕ ਪਹੁੰਚਾ ਸਕਦੇ ਹਨ ਜਾਂ ਪਰਾਲੀ ਦੀ ਵਰਤੋਂ ਕਰਨ ਵਾਲੀਆਂ ਸਨਅਤਾਂ ਨਾਲ ਸਿੱਧਾ ਤਾਲਮੇਲ ਕਰਕੇ ਇਸ ਦਾ ਲਾਹੇਵੰਦ ਨਿਪਟਾਰਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੁਚੱਜੀ ਵਰਤੋਂ ਨਾਲ ਕਿਸਾਨ ਵਾਤਾਵਰਣ ਦੀ ਸੰਭਾਲ ਵਿੱਚ ਅਹਿਮ ਯੋਗਦਾਨ ਪਾਉਣ ਦੇ ਨਾਲ-ਨਾਲ ਆਪਣੀ ਆਮਦਨ ਵਿੱਚ ਵੀ ਵਾਧਾ ਕਰ ਸਕਦੇ ਹਨ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ, ਏ.ਡੀ.ਓ. ਜਸਮੀਨ ਸਿੱਧੂ, ਸਹਾਇਕ ਇੰਜੀਨੀਅਰ ਬੇਅੰਤ ਸਿੰਘ, ਸਹਾਇਕ ਨੋਡਲ ਅਫ਼ਸਰ (ਪਰਾਲੀ) ਸੁਨੀਤਾ ਸ਼ਰਮਾ ਤੋਂ ਇਲਾਵਾ ਸੁਰਿੰਦਰ ਸਿੰਘ, ਸੰਦੀਪ ਸਿੰਘ ਅਤੇ ਕਿਸਾਨ ਹਰਬੰਤ ਸਿੰਘ ਹਾਜ਼ਰ ਸਨ।
