ਫਿਰੋਜ਼ਪੁਰ 17 ਜੁਲਾਈ 2024….
ਮਾਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਨੀਵੇ ਏਰੀਏ ਵਿੱਚ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ/ਨਾਲਿਆਂ ਆਦਿ ਦੀ ਸਫ਼ਾਈ ਕਰਵਾ ਲੈਣ ਤਾਂ ਜੋ ਬਾਰਿਸ਼ਾਂ ਦੌਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਰਾਹੀਂ ਜੋ ਪਾਣੀ ਲੋਕਾਂ ਦੇ ਘਰਾਂ ਵਿੱਚ ਪਹੁੰਚਦਾ ਹੈ ਦੇ ਰੋਜ਼ਾਨਾ ਸੈਂਪਲ ਲਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਥਾਨ ‘ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਪਾਣੀ ਇਕੱਠਾ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ। ਸਮੇਂ ਸਮੇਂ ਸਿਰ ਦਵਾਈ ਦੇ ਛਿੜਕਾਅ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਪੂਨਮ ਭਟਨਾਗਰ, ਧਰਮਪਾਲ ਸਿੰਘ ਤੇ ਗੁਰਦਾਸ ਸਿੰਘ ਅਤੇ ਮਿਊਂਸੀਪਲ ਇੰਜੀ. ਚਰਨਪਾਲ ਸਿੰਘ, ਕਾਰਜਕਾਰੀ ਇੰਜੀ. ਪੰਜਾਬ ਵਾਟਰ ਸੀਵਰੇਜ ਬੋਰਡ ਹਰਸ਼ਰਨ ਸਿੰਘ ਤੇ ਐੱਸ.ਐੱਮ. ਓ ਫਿਰੋਜ਼ਪੁਰ ਵੀ ਹਾਜ਼ਰ ਸਨ।