ਲੁਧਿਆਣਾ, 12 ਅਗਸਤ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਲੁਧਿਆਣਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਹੁੰ ਚੁਕਾਈ। ਉਨ੍ਹਾਂ ਨਸ਼ਿਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਇਹ ਸਮਾਗਮ ਸਥਾਨਕ ਬੱਚਤ ਭਵਨ ਵਿਖੇ ਹੋਇਆ ਜਿਸ ਵਿੱਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਮੇਜਰ ਸਰੀਨ ਨੇ ਮਿਸਾਲੀ ਵਿਅਕਤੀਆਂ ਦੀ ਮਹੱਤਤਾ ‘ਤੇ ਚਾਨਣ ਪਾਇਆ ਜਿਹੜੇ ਖੁਦ ਇਸ ਨਰਕ ਵਿੱਚੋਂ ਬਾਹਰ ਆਏ ਹਨ ਅਤੇ ਆਪਣੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਨਸ਼ੇ ਤੋਂ ਪਾਸਾ ਵੱਟਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੇਸ਼ ਦੇ ਵਿਕਾਸ ਵਿੱਚ ਨੌਜਵਾਨ ਪੀੜ੍ਹੀ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਸਮਾਜ ਵਿੱਚ ਚੌਕਸੀ ਵਧਾਉਣ ਦਾ ਸੱਦਾ ਦਿੱਤਾ।
ਨੌਜਵਾਨਾਂ ਤੋਂ ਤਹਿਦਿਲੋਂ ਸਹਿਯੋਗ ਮੰਗਦਿਆਂ, ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਇਹ ਜੰਗ ਹਰ ਪੰਜਾਬੀ ਦਾ ਮਿਸ਼ਨ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਸਾਨੂੰ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਨਸ਼ਿਆਂ ਅਤੇ ਤਸਕਰਾਂ ਵਿਰੁੱਧ ਮੁਹਿੰਮ ਵਿੱਢ ਕੇ ਨਸ਼ਾ ਮੁਕਤ ਸਮਾਜ ਸਿਰਜਣਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਬਾਰੇ ਵੀ ਗੱਲ ਕੀਤੀ। ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।