ਜਿਲ੍ਹੇ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ: ਡਾ ਸੁਨੀਤਾ ਕੰਬੋਜ਼

Fazilka

ਫਾਜ਼ਿਲਕਾ 7 ਮਈ 2024…..

        ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਹੁਕਮਾਂ ਤਹਿਤ ਜ਼ਿਲ੍ਹਾ ਐਪੀਡਮੈਲੋਜਿਸਟ ਡਾ. ਸੁਨੀਤਾ ਕੰਬੋਜ਼ ਦੀ ਦੇਖ-ਰੇਖ ਹੇਠ ਜ਼ਿਲ੍ਹੇ ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਜਾਰੀ ਹਨ। ਬਰਸਾਤਾਂ ਦੇ ਮੌਸਮ ਅਤੇ ਮੱਛਰਾਂ ਦੀ ਪੈਦਾਇਸ਼ ਦੇ ਮੱਦੇਨਜ਼ਰ ਸਿਹਤ ਵਿਭਾਗ ਫਾਜਿਲਕਾ ਵਲੋਂ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਫਾਲਤੂ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਅਤੇ ਮਲੇਰੀਆ ਫੈਲਾਉਣ ਵਾਲੇ ਮੱਛਰ ਪੈਦਾ ਨਾ ਹੋ ਸਕਣ। ਜ਼ਿਲ੍ਹਾ ਐਪੀਡਮੈਲੋਜਿਸਟ ਡਾ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਫਾਜ਼ਿਲਕਾ ਸਹਿਰ ਵਿੱਚ ਮਲੋਟ ਰੋਡ, ਵਨ ਵਿਭਾਗ ਦਫ਼ਤਰ, ਆਈ ਟੀ ਆਈ ਅਤੇ ਅਨਾਜ ਮੰਡੀ ਦੇ ਨਾਲ ਰਾਮ ਸ਼ਰਣਮ  ਕਲੋਨੀ ਵਿੱਚ ਐਂਟੀ ਲਾਰਵਾ ਗਤੀਵਿਧੀਆਂ ਤਹਿਤ ਲਾਰਵਾ ਲੱਭ ਕੇ ਨਸ਼ਟ ਕੀਤਾ ਗਿਆ।

 ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਘਰ ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾਂ ਨਾ ਹੋਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜ੍ਹੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਹੋਣ ਦੇਣਾ ਚਾਹੀਦਾ। ਰਾਤ ਨੂੰ ਸੌਣ ਵੇਲੇ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ,  ਜਾਲੀਦਾਰ ਕਮਰਿਆਂ ਵਿਚ ਸੁੱਤਾ ਜਾਵੇ ਅਤੇ ਸਾਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੌਦ ਖੁਰਾਣਾ, ਸੁਖਜਿੰਦਰ ਸਿੰਘ ਰਵਿੰਦਰ ਸ਼ਰਮਾ, ਸਵਰਨ ਸਿੰਘ ਅਤੇ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਮਲੇਰੀਆ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਹੈ।