ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ:ਡਿਪਟੀ ਕਮਿਸ਼ਨਰ

Fazilka

ਫਾਜਿਲਕਾ 11 ਮਈ

ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਨ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫਸਲ ਦੀ ਵਾਢੀ ਕਰਨ ਤੋਂ ਬਾਅਦ ਕਣਕ ਦੇ ਨਾੜ ਦੀ ਰਹਿੰਦ-ਖੂੰਹਦ ਨੂੰ ਖੇਤ ਦੀ ਵਹਾਈ ਕਰਕੇ ਮਿੱਟੀ ਵਿਚ ਹੀ ਰਲਾਇਆ ਜਾਵੇ ਅਤੇ ਅੱਗ ਨਾ ਲਗਾਈ ਜਾਵੇ। ਤਾਂ ਜੋ ਵਾਤਾਵਰਨ ਨੂੰ ਪ੍ਰਦਸ਼ੂਤ ਹੋਣ ਤੋਂ ਬਚਾਇਆ ਜਾ ਸਕੇ। ਖੇਤਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਵਿਚ ਮੌਜੂਦ ਸੂਖਮ ਜੀਵਾਣੂ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊੂ ਸ਼ਕਤੀ ਘਟਦੀ ਹੈ, ਜ਼ਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ, ਜ਼ਮੀਨ ਵਿੱਚ ਮੌਜੂਦ ਜ਼ਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜ਼ਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਹਾਦਸਿਆ ਕਾਰਨ ਜਾਨੀਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ, ਕਿਸਾਨਾਂ ਵੱਲੋ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਦੇ ਹੋਏ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਵੱਧ ਤੋ ਵੱਧ ਪ੍ਰੇਰਿਤ ਕੀਤਾ ਜਾਵੇ ਅਤੇ ਕਣਕ ਦੀ ਰਹਿੰਦ-ਖੁੰਹਦ ਨੂੰ ਅੱਗ ਨਾ ਲਗਾਉਣ, ਸਗੋਂ ਵਾਤਾਵਰਨ ਸੰਭਾਲ ਪ੍ਰੇਮੀ ਬਣ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਣਮੁੱਲੇ ਸਰੋਤਾਂ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਅੱਗ ਦਾ ਧੂੰਆਂ ਸੜਕ ਹਾਦਸਿਆਂ ਅਤੇ ਮਨੁੱਖੀ ਸਿਹਤ ਖਰਾਬ ਹੋਣ ਦਾ ਕਾਰਣ ਬਣਦਾ ਹੈ। ਤਹਿਸੀਲ/ਬਲਾਕ ਲੈਵਲ ਤੇ ਬਣਾਈਆਂ ਮੋਨੀਟਰਿੰਗ ਟੀਮਾਂ ਦੇ ਅਧਿਕਾਰੀਆਂ ਵਲੋਂ ਪਿੰਡਾਂ ਵਿਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਤੇ ਗੁਰਦੁਆਰਾ ਸਾਹਿਬ ਤੋਂ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਰੈਗੂਲਰ ਅਨਾਊਂਸਮੈਂਟਾਂ ਕਰਵਾਈਆਂ ਜਾਣ ਅਤੇ ਫੀਲਡ ‘ਚ ਅੱਗ ਲੱਗਣ ਵਾਲੀ ਸਾਈਟ ਦਾ 24 ਘੰਟੇ ਦੇ ਅੰਦਰ-ਅੰਦਰ ਮੌਕੇ ਤੇ ਵਿਜਿਟ ਕਰਕੇ ਰਿਪੋਰਟ ਕੀਤੀ ਜਾਵੇ।