ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

Politics Punjab

ਲੁਧਿਆਣਾ, 2 ਅਪਰੈਲ

ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੂੰ ਹਲਫ਼ ਦਿਵਾਉਣ ਮਗਰੋਂ ਇਸ ਖ਼ਤਰੇ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ।
ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਾਰਚ ਪਾਸਟ ਲਈ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਇਹ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ ਹੈ ਅਤੇ ਅਸੀਂ ਸਾਰੇ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਦਾ ਅਹਿਦ ਲੈਂਦੇ ਹਾਂ।”
ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਹੋ ਗਿਆ ਅਤੇ ਹੁਣ ਸੂਬਾ ਸਰਕਾਰ ਚੁੱਪ ਕਰ ਕੇ ਨਹੀਂ ਬੈਠੇਗੀ ਅਤੇ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਤੇ ਚਿਤਾਵਾਂ ਉਤੇ ਤਸਕਰਾਂ ਨੂੰ ਵਧਦਾ-ਫੁੱਲਦਾ ਨਹੀਂ ਦੇਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਨਾਲ ਬਣਾਈ ਜਾਇਦਾਦ ਨੂੰ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਢਾਹਿਆ ਜਾਂ ਜ਼ਬਤ ਕੀਤਾ ਹੈ ਤਾਂ ਕਿ ਇਹ ਹੋਰਾਂ ਨੂੰ ਇਸ ਕੰਮ ਵਿੱਚ ਆਉਣ ਤੋਂ ਰੋਕੇ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੋ ਗਈ ਹੈ ਅਤੇ ਇਹ ਹੁਣ ਸਾਡੀਆਂ ਨਸਾਂ ਵਿੱਚ ਵੜ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸੇਧ ਮਿਲੀ ਹੈ, ਜਿਨ੍ਹਾਂ ਦਿੱਲੀ ਵਿੱਚੋਂ ਕਈ ਬੁਰਾਈਆਂ ਦੇ ਖ਼ਾਤਮੇ ਦੇ ਨਾਲ-ਨਾਲ ਕਈ ਖ਼ੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਦੀ ਲਗਾਤਾਰ ਅਗਵਾਈ ਹੇਠ ਪੰਜਾਬ ਜਲਦੀ ਹੀ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇਗਾ ਕਿਉਂਕਿ ਇਹ ਸਿਰਫ਼ ਪੁਲਿਸ ਦੀ ਲੜਾਈ ਨਹੀਂ, ਸਗੋਂ ਸਮੁੱਚੇ ਸਮਾਜ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਹੁਣ ਲੋਕ ਇਸ ਮੁਹਿੰਮ ਲਈ ਅੱਗੇ ਆ ਰਹੇ ਹਨ ਅਤੇ ਕਈ ਪਿੰਡਾਂ ਦੀਆਂ ਪੰਚਾਇਤਾਂ ਨਸ਼ਿਆਂ ਵਿਰੁੱਧ ਮਤੇ ਪਾਸ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਨਾਜਾਇਜ਼ ਗਤੀਵਿਧੀਆਂ ਚਲਾ ਰਹੇ ਨਸ਼ਾ ਤਸਕਰਾਂ ਬਾਰੇ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ ਉਤੇ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਫੋਨ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ, ਜਿਸ ਕਾਰਨ ਲੋਕਾਂ ਨੂੰ ਇਸ ਕਦਮ ਦਾ ਵੱਡੇ ਪੱਧਰ ‘ਤੇ ਸਮਰਥਨ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਆਪਣੇ ਮੁੱਖ ਫ਼ਰਜ਼ ਨੂੰ ਨਿਭਾਉਣ ਤੋਂ ਇਲਾਵਾ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਆਮ ਆਦਮੀ ਨਸ਼ਿਆਂ ਵਿਰੁੱਧ ਜੰਗ ਵਿੱਚ ਸਰਗਰਮ ਭੂਮਿਕਾ ਨਿਭਾਏ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਹਰ ਕੋਈ ਨਸ਼ਿਆਂ ਦੀ ਬੁਰਾਈ ਵਿਰੁੱਧ ਅੱਗੇ ਆਏ ਅਤੇ ਪੈਸਾ ਕਮਾਉਣ ਲਈ ਸੂਬੇ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਰਹੇ ਮੁੱਠੀ ਭਰ ਤਸਕਰਾਂ ਦਾ ਨਾਮੋ-ਨਿਸ਼ਾਨ ਮਿਟਾ ਦੇਵੇ। ਭਗਵੰਤ ਸਿੰਘ ਮਾਨ ਨੇ ਹਰੇਕ ਪੰਜਾਬ ਵਾਸੀ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸਿਪਾਹੀ ਬਣਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।    

Leave a Reply

Your email address will not be published. Required fields are marked *