20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Politics Punjab


ਚੰਡੀਗੜ੍ਹ, 05 ਦਸੰਬਰ:  

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਕਮਿਸ਼ਨਰੇਟ ਅੰਮ੍ਰਿਤਸਰ ਦੇ ਮਨੁੱਖੀ ਤਸਕਰੀ ਰੋਕੂ ਵਿੰਗ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਰਜਨ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਵਸਨੀਕ ਰੋਹਿਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਵਿਦੇਸ਼ ਭੇਜਣ ਸਬੰਧੀ ਮਾਮਲੇ ਵਿੱਚ ਸ਼ਿਕਾਇਤਕਰਤਾ ਦੇ ਪੱਖ ਵਿੱਚ ਰਿਪੋਰਟ ਦੇਣ ਅਤੇ ਇਮੀਗ੍ਰੇਸ਼ਨ ਏਜੰਟ ’ਤੇ ਐਫਆਈਆਰ ਦਰਜ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।