50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime Politics Punjab

ਚੰਡੀਗੜ੍ਹ, 9 ਜਨਵਰੀ, 2025:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਹਸਪਤਾਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਨ ਬਦਲੇ ਮੁਲਜ਼ਮ ਜਸਪਾਲ ਸਿੰਘ ਨੇ ਉਕਤ ਆਰਕੀਟੈਕਟ ਅਨੀਸ਼ ਖੰਨਾ ਜ਼ਰੀਏ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਟੀ.ਪੀ. ਪਹਿਲਾਂ ਹੀ ਆਰਕੀਟੈਕਟ ਰਾਹੀਂ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਏ.ਟੀ.ਪੀ. ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।