ਪਿੰਡ ਦੂਲੋਵਾਲ ਅਤੇ ਕੋਟ ਧਰਮੁ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ

Mansa Politics Punjab

ਮਾਨਸਾ, 08 ਨਵੰਬਰ :
ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਪਿੰਡ ਦੂਲੋਵਾਲ ਅਤੇ ਕੋਟ ਧਰਮੁ ਵਿਖੇ ਜਿੱਥੇ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਾਇਆ ਗਿਆ ਉੱਥੇ ਹੀ ਕਿਸਾਨਾਂ ਨੂੰ ਮਨੁੱਖਤਾ ਦੀ ਭਲਾਈ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਸਾਨਾਂ ਨੂੰ ਸਮਝਾਇਆ ਕਿ ਉਹ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤਾਂ ਵਿੱਚ ਹੀ ਵਾਹੁਣ ਜਾਂ ਗੰਢਾਂ ਬਣਾਉਣ ਨੂੰ ਤਰਜੀਹ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਧੁਨਿਕ ਸੰਦਾਂ ਦੇ ਉਪਯੋਗ ਰਾਹੀਂ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੁਰੱਖਿਆ ਕਰਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਰਾਹੀਂ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਦਿੱਤੀ ਗਈ ਹੈ, ਤਾਂ ਜੋ ਪਰਾਲੀ ਨੂੰ ਖੇਤ ਵਿੱਚ ਹੀ ਵਾਹਿਆ ਜਾ ਸਕੇ।
ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਜਾਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।