ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ, 29 ਅਕਤੂਬਰ :

ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਅਸੀਂ ਸਾਰੇ ਰਲ-ਮਿਲ ਕੇ ਹੀ ਭ੍ਰਿਸ਼ਟਾਚਾਰ ਜਿਹੀ ਭਿਆਨਕ ਸਮੱਸਿਆ ਤੋਂ ਨਿਜ਼ਾਤ ਪਾ ਸਕਦੇ ਹਾਂ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਨੇ ਅੱਜ ਇੱਥੇ ਬਾਵਾ ਨਿਹਾਲ ਸਿੰਘ ਕਾਲਜ ਵਿਖੇ ਕਰਵਾਏ ਗਏ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਦੌਰਾਨ ਕੀਤਾ।

ਇਸ ਮੌਕੇ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤਾ 28 ਅਕਤੂਬਰ 2024 ਤੋਂ 3 ਨਵੰਬਰ 2024 ਤੱਕ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਬਠਿੰਡਾ ਅਧੀਨ ਆਉਂਦੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤੇ ਦੇ ਮੱਦੇਨਜ਼ਰ ਅਧਿਕਾਰੀਆਂ ਵੱਲੋਂ ਵਿਸ਼ੇਸ਼ ਮੀਟਿੰਗਾਂ ਕਰਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਜਾਗਰੂਕ ਕੀਤਾ ਜਾਵੇਗਾ।

ਇਸ ਮੌਕੇ ਡੀ.ਐਸ.ਪੀ. (ਵਿਜੀਲੈਂਸ) ਸ੍ਰੀ ਗੁਰਦੇਵ ਸਿੰਘ ਭੱਲਾ ਨੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪੋ-ਆਪਣੇ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਸਲਾਨਾ ਜਾਗਰੂਕਤਾ ਹਫਤਾ ਮਨਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਮੇਸ਼ਾ ਆਪਣੀਆਂ ਜੜਾਂ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ ਤੇ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਆਪਣਾ ਸਹਿਯੋਗ ਦਿੱਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਹ ਐਂਟੀ ਕਰਪਸ਼ਨ ਐਕਸ਼ਨ ਲਾਈਨ ਨੰਬਰ 95012-00200, ਟੋਲ ਫ੍ਰੀ ਨੰਬਰ 1800-1800-1000 ਅਤੇ 01633-262172 ’ਤੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਸਿਵਲ ਸਰਜਨ ਡਾ. ਜਗਦੀਪ ਚਾਵਲਾ, ਡੀ.ਐਸ.ਪੀ. ਸ੍ਰੀ ਰਸ਼ਪਾਲ ਸਿੰਘ, ਇੰਸਪੈਕਟਰ ਸ੍ਰੀ ਅਮਨਦੀਪ ਸਿੰਘ ਮਾਨ, ਸ੍ਰੀ ਰੁਪਿੰਦਰਪਾਲ ਕੌਰ, ਸਬ-ਇੰਸਪੈਕਟਰ ਸ੍ਰੀ ਸੁਖਮੰਦਰ ਸਿੰਘ, ਡਾਇਰੈਕਟਰ ਬਾਵਾ ਨਿਹਾਲ ਸਿੰਘ ਸੰਸਥਾ ਸ੍ਰੀ ਜਸਪਾਲ ਸਿੰਘ, ਰਿਟ. ਇੰਸਪੈਕਟਰ ਸ੍ਰੀ ਜਗਸੀਰ ਸਿੰਘ ਅਤੇ ਵਿਜੀਲੈਂਸ ਬਿਉਰੋ ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਗੁਰਤੇਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।