ਮੌਕੇ ਤੇ ਜਾਰੀ ਕੀਤੇ ਗਏ ਲਾਭਪਾਤਰੀ ਕਾਰਡ ਅਤੇ ਸਰਟੀਫਿਕੇਟ

Ferozepur

ਫਿਰੋਜ਼ਪੁਰ 10 ਫਰਵਰੀ 2024:

  ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਦਾ ਲਾਭ ਬਿਨਾਂ ਕਿਸੇ ਰੋਕ ਦੇ ਦੇਣ ਦੇ ਕੀਤੇ ਗਏ ਯਤਨਾਂ ਤਹਿਤ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਜੋ ਕੈਂਪ ਲਗਾਏ ਜਾ ਰਹੇ ਹਨ, ਉਨਾਂ ਦਾ ਲਾਹਾ ਜ਼ਿਲ੍ਹਾ ਵਾਸੀਆਂ ਨੂੰ ਮਿਲ ਰਿਹਾ ਹੈ। ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਖੇ ਲਗਾਏ ਕੈਂਪਾਂ ’ਚ ਸੈਂਕੜੇ ਲੋਕ ਪਹੁੰਚ ਕੇ ਵੱਖ-ਵੱਖ ਵਿਭਾਗਾਂ ਵੱਲੋਂ ਦਿੱਤੀ ਜਾ ਰਹੀਆਂ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਜਾਗਰੂਕਤਾ ਵੈਨਾਂ ਵੀ ਸ਼ਾਮਿਲ ਹੋ ਕੇ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਅਤੇ ਆਮ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਆਡੀਓ ਵਿਜੂਅਲ ਮਾਧਿਅਮ ਰਾਹੀਂ ਜਾਗਰੂਕ ਕਰ ਰਹੀਆਂ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।

            ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸਬ ਡਵੀਜ਼ਨ ਜ਼ੀਰਾ ਦੇ ਪਿੰਡ ਮੱਲੋ ਕੇ, ਰਟੌਲ ਬੇਟ, ਅਵਾਨ, ਸ਼ਾਹਵਾਲਾ ਅਤੇ ਸਬ ਡਵੀਜ਼ਨ ਗੁਰੂਹਰਸਹਾਏ ਦੇ ਪਿੰਡ ਕਾਹਨ ਸਿੰਘ ਵਾਲਾ, ਚੱਕ ਮੋਬਾਇਨ ਹਰਦੋ ਢੰਡੀ (ਲਾਲਚੀਆਂ), ਜੰਡ ਵਾਲਾ,ਮੇਘਾ ਪੰਜ ਗਰਾਈਂ ਉਤਾੜ ਵਿਖੇ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੁਵਿਧਾਵਾਂ ਦਾ ਲਾਭ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੁਵਿਧਾਂ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਮੌਕੇ ਉਤੇ ਹੀ ਸਬੰਧਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਿਸ ਸੇਵਾ ਵਿਚ ਰਿਪੋਰਟ ਆਦਿ ਲੈਣ ਦਾ ਸਮਾਂ ਲੱਗਣਾ ਹੁੰਦਾ ਹੈ, ਉਸ ਲਈ ਆਨ ਲਾਈਨ ਬਿਨੈ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਈ ਸੇਵਾਵਾਂ ਦੇ ਲੋਕਾਂ ਨੂੰ ਮੌਕੇ ਤੇ ਹੀ ਸਰਟੀਫਿਕੇਟ ਅਤੇ ਲਾਭਪਾਤਰੀ ਕਾਰਡ ਜਾਰੀ ਕੀਤੇ ਜਾ ਰਹੇ ਹਨ। ਸਮੂਹ ਐਸ.ਡੀ.ਐਮ., ਤਹਿਸੀਲਦਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਕੈਂਪਾਂ ਨਾਲ ਰਾਬਤਾ ਰੱਖ ਰਹੇ ਹਨ ਅਤੇ ਉਹ ਖੁਦ ਵੀ ਇਹਨਾਂ ਕੈਂਪਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ । 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੱਥੇ ਕਿਤੇ ਵੀ ਕੈਂਪ ਤੁਹਾਡੇ ਘਰ ਨੇੜੇ ਲੱਗਦਾ ਹੈ, ਤੁਸੀਂ ਉਸ ਕੈਂਪ ਵਿਚ ਪਹੁੰਚ ਕੇ ਸਰਕਾਰੀ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਅਹਿਮ ਸੇਵਾਵਾਂ ਦਾ ਲਾਭ ਜ਼ਰੂਰ ਲਵੋ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਰੀਆਂ 44 ਡੋਰ-ਟੂ-ਡੋਰ ਸੇਵਾਵਾਂ ਜੋ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਵਿਚ ਜਨਮ/ਐਨ.ਏ.ਸੀ. ਸਰਟੀਫਿਕੇਟ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟਰੇਸ਼ਨ, ਮੌਤ ਦੇ ਸਰਟੀਫਿਕੇਟ ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟਰੇਸ਼ਨ ਅਤੇ ਉਸਾਰੀ ਮਜ਼ਦੂਰ ਦੀ ਰਜਿਸਟਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ, ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ ਅਤੇ ਸ਼ਗਨ ਸਕੀਮ, ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ, ਬਿਜਲੀ ਦੇ ਬਿੱਲ ਦਾ ਭੁਗਤਾਨ, ਵਿਆਹ ਦੀ ਰਜਿਸਟਰੇਸ਼ਨ, ਵਿਆਹ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ ਆਦਿ ਸੇਵਾਵਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ਤੱਕ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਨੇੜੇ ਲੱਗਣ ਵਾਲੇ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲੈਣ।