ਮੋਗਾ, 14 ਅਪ੍ਰੈਲ –
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਸ੍ਰਂ ਕੁਲਵੰਤ ਸਿੰਘ ਅਤੇ ਹੋਰ ਹਸਤੀਆਂ ਨੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ। ਇਸ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਦਫ਼ਤਰ ਦਾ ਸਟਾਫ਼ ਵੀ ਮੌਜੂਦ ਸੀ।
ਉਨਾਂ ਦੱਸਿਆ ਕਿ ਪ੍ਰਸ਼ਾਸ਼ਨ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ ਉੱਤੇ ਖੜਾ ਕਰਨ ਵਿੱਚ ਹਰ ਸੰਭਵ ਮੱਦਦ ਕੀਤੀ ਜਾ ਸਕੇ। ਡਾ. ਭੀਮ ਰਾਓ ਅੰਬੇਦਕਰ ਤੇ ਸਾਥੀਆਂ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ ਸਾਰੇ ਦੇਸ਼ ਨੂੰ ਇਕ ਸੂਤਰ ਵਿੱਚ ਪਰੋਇਆ ਅਤੇ ਉਨਾਂ ਨੇ ਭਾਰਤ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਰਾਹੀਂ ਬਰਾਬਰਤਾ ਦੇ ਹੱਕ ਪ੍ਰਦਾਨ ਕਰਵਾਏ ।ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨਾਂ ਕਿਹਾ ਕਿ ਜਿੱਥੇ ਸਾਡਾ ਸੰਵਿਧਾਨ ਸਾਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਹੈ ਉੱਥੇ ਸਾਨੂੰ ਆਪਣੇ ਸੰਵਿਧਾਨਕ ਫਰਜ਼ਾਂ ਪ੍ਰਤੀ ਵੀ ਸੁਚੇਤ ਹੋਣ ਦੀ ਲੋੜ ਹੈ । ਉਹਨਾਂ ਦੱਸਿਆ ਕਿ ਪੰਜਾਬ ਵਿੱਚ 1 ਜੂਨ 2024 ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਪੰਜਾਬ ਦਾ ਹਰੇਕ ਯੋਗ ਨਾਗਰਿਕ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਆਪਣੇ ਵੋਟ ਦੇ ਸੰਵਿਧਾਨਿਕ ਹੱਕ ਦਾ ਇਸਤੇਮਾਲ ਕਰੇ, ਇਹ ਵੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਲਈ ਇੱਕ ਤਰ੍ਹਾਂ ਦੀ ਸ਼ਰਧਾਂਜਲੀ ਹੋਵੇਗੀ। ਸਾਡਾ ਫ਼ਰਜ਼ ਬਣਦਾ ਹੈ ਕਿ ਸਾਨੂੰ ਜਿਹੜੇ ਸੰਵਿਧਾਨਿਕ ਹੱਕ ਬਾਬਾ ਸਾਹਿਬ ਨੇ ਪ੍ਰਦਾਨ ਕਰਵਾਏ ਹਨ ਉਹਨਾਂ ਦੀ ਸਹੀ ਤੇ ਸੁਚੱਜੀ ਵਰਤੋਂ ਕਰੀਏ। ਵੋਟ ਫ਼ੀਸਦੀ ਨੂੰ 70 ਤੋਂ ਪਾਰ ਕਰਕੇ ਬਾਬਾ ਸਾਹਿਬ ਜੀ ਦੀ ਆਤਮਾ ਨੂੰ ਦੇਸ਼ ਦੀ ਅਖੰਡਤਾ ਦਾ ਸਬੂਤ ਦੇਈਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਅਣਥੱਕ ਮਿਹਨਤ ਸਦਕਾ ਹੀ ਅੱਜ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਬਣਿਆ ਹੈ ਅਤੇ ਵੱਖ ਵੱਖ ਖੇਤਰਾਂ ਵਿੱਚ ਪੂਰੀ ਦੁਨੀਆਂ ਦਾ ਮਾਰਗ ਦਰਸ਼ਨ ਕਰ ਰਿਹਾ ਹੈ ।ਉਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇਸ਼ ਦੇ ਲੋਕਾਂ ਲਈ ਹਮੇਸ਼ਾ ਮਾਰਗ ਦਰਸ਼ਕ ਅਤੇ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਡੀ.ਐਮ. ਐਸ.ਸੀ. ਕਾਰਪੋਰੇਸ਼ਨ ਹੁਕਮ ਚੰਦ, ਰਿਟਾ. ਸੁਪਰਡੈਂਟ ਸ੍ਰ. ਅਮਰ ਸਿੰਘ, ਸੀਨੀਅਰ ਸਹਾਇਕ ਸੁਖਰਾਜ ਸਿੰਘ ਆਦਿ ਹਾਜ਼ਰ ਸਨ।